ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਕੀਓ ਓਲੰਪਿਕ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਟੋਕੀਓ ਓਲੰਪਿਕ ਖੇਡਾਂ ਦੌਰਾਨ ਲੜਕੀਆਂ ਦੀ ਮਹਿਲਾਂ ਭਾਰਤੀ ਹਾਕੀ ਟੀਮ ਦੀਆਂ ਹਰਿਆਣਾ ਨਾਲ ਸਬੰਧਤ ਤਿੰਨ ਖਿਡਾਰਨਾਂ ਨਵਜੋਤ ਕੌਰ, ਨਵਰੀਤ ਕੌਰ ਤੇ ਰਾਣੀ ਰਾਮਪਾਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ-ਪੰਜ ਲੱਖ ਰੁਪਏ ਦੇ ਚੈੱਕ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ, ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਹਾਕੀ ਨੂੰ ਦੁਬਾਰਾ ਪ੍ਰਫੁੱਲਤ ਕਰਨ ਦਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ, ਕਿ ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਵੱਡਾ ਮਹੱਤਵ ਰੱਖਦੀਆਂ ਹਨ। ਇਸ ਲਈ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲ੍ਹਾ ਮਾਰਨੀਆਂ ਚਾਹੀਦੀਆਂ ਹਨ।
ਬੀਬੀ ਜਗੀਰ ਕੌਰ ਨੇ ਲੜਕੀਆਂ ਦੀ ਹਾਕੀ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ, ਕਿ ਭਾਵੇਂ ਲੜਕੀਆਂ ਦੀ ਹਾਕੀ ਟੀਮ ਓਲੰਪਿਕ ਵਿੱਚੋਂ ਮੈਡਲ ਪ੍ਰਾਪਤ ਨਹੀਂ ਕਰ ਸਕੀ, ਪਰ ਉਨ੍ਹਾਂ ਦੇ ਪ੍ਰਦਰਸ਼ਨ ਤੋਂ ਭਵਿੱਖ ਵਿੱਚ ਦੇਸ਼ ਨੂੰ ਵੱਡੀਆਂ ਆਸਾਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਓਲੰਪਿਕ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਲੜਕਿਆਂ ਦੀ ਹਾਕੀ ਟੀਮ ਨੂੰ ਪਹਿਲਾਂ ਸਨਮਾਨਿਤ ਕੀਤਾ ਜਾ ਚੁੱਕਾ ਹੈ।