ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਿੰਸੀਪਲ ਸੁਰਿੰਦਰ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੂਰਾ ਜੀਵਨ ਸਿੱਖੀ ਪ੍ਰਚਾਰ ਨੂੰ ਸਮਰਪਿਤ ਕਰਨ ਵਾਲੀ ਸ਼ਖ਼ਸੀਅਤ ਦੇ ਤੁਰ ਜਾਣ ਨਾਲ ਵੱਡਾ ਪੰਥਕ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਵਿਦਵਾਨ ਸਿੱਖ ਸਕਾਲਰ ਵਜੋਂ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸੰਸਥਾ ਦੀ ਚੜ੍ਹਦੀ ਕਲਾ ਲਈ ਸੇਧਮਈ ਸਲਾਹ ਦਿੰਦੇ ਸਨ। ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪ੍ਰਿੰਸੀਪਲ ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।
ਇਹ ਵੀ ਪੜ੍ਹੋ: 40 ਸਾਲਾਂ ਬਾਅਦ ਪਾਕਿਸਤਾਨ ਤੋਂ ਭਾਰਤ ਆਈ ਭਰਾਵਾਂ ਨੂੰ ਮਿਲਣ ਲਈ ਭੈਣ