ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਹ ਪ੍ਰੈੱਸ ਕਾਨਫ਼ਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਭਾਈ ਰਾਮ ਸਿੰਘ ਵੱਲੋਂ ਕੀਤੀ ਗਈ। ਇਸ ਵਿੱਚ ਮੀਤ ਪ੍ਰਧਾਨ ਵੱਲੋਂ ਇਸ ਘਟਨਾ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਘਟਨਾ ਤੇ ਗੰਭੀਰ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਦੇ ਗਵਰਨਰ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ 'ਤੇ ਦੋਸ਼ੀਆਂ ਉੱਪਰ ਧਾਰਾ 295A ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਵੀ ਇਹ ਗੱਲ ਯਕੀਨੀ ਕੀਤੀ ਗਈ ਹੈ ਕਿ ਜਲਦ ਹੀ ਇਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਨੇ ਮੁਹੰਮਦ ਹਸਨ ਨੂੰ ਕੀਤਾ ਰਿਹਾਅ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖ ਕੁੜੀ ਜਗਜੀਤ ਕੌਰ ਨਾਲ ਵਿਆਹ ਕਰਨ ਵਾਲੇ ਇੱਕ ਮੁਸਲਿਮ ਨੌਜਵਾਨ ਦੇ ਪਰਿਵਾਰ ਦੀ ਅਗਵਾਈ ਵਿੱਚ ਕੁਝ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ। ਖ਼ਬਰਾਂ ਮੁਤਾਬਿਕ ਭੀੜ ਨੇ ਸਿੱਖ ਸ਼ਰਧਾਲੂਆਂ 'ਤੇ ਪਥਰਾਅ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਾਂ ਨੂੰ ਇੱਥੇ ਨਹੀਂ ਰਹਿਣ ਦੇਣਗੇ।