ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (Gurdwara Sri Nankana Sahib) ਪਾਕਿਸਤਾਨ (Pakistan) ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿੱਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ ਜਮ੍ਹਾ ਕਰਵਾ ਸਕਣਗੇ।
ਸ਼੍ਰੋਮਣੀ ਕਮੇਟੀ ਦੇ ਯਾਤਰਾ ਇੰਚਾਰਜ ਰਾਜਿੰਦਰ ਸਿੰਘ ਰੂਬੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ (Pakistan) ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (Gurdwara Sri Nankana Sahib) ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ (Shiromani Committee Office) ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਸਰਕਾਰੀ ਬੱਸਾਂ ਤੋਂ ਭਿਡਰਾਂਵਾਲੇ ਦੀਆਂ ਤਸਵੀਰਾਂ ਲਾਹਉਣ ਦਾ ਫੈਸਲਾ ਵਾਪਸ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ