ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੱਢੇ ਜਾਣ ਵਾਲੇ ਮਾਰਚ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਹ ਐਲਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਧਾਮੀ ਨੇ ਦੱਸਿਆ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਪੱਤਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।(Release of Bandi Singhs)
ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੀਟਿੰਗਾਂ: ਦੱਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਐਸਜੀਪੀਸੀ ਵੱਲੋਂ ਲਗਾਤਾਰ ਹੀ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਪਿਛਲੇ ਕੁਝ ਦਿਨਾਂ ਵਿੱਚ ਐਸਜੀਪੀਸੀ ਵੱਲੋਂ ਲਗਾਤਾਰ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੀਟਿੰਗਾਂ ਅਤੇ ਅੰਤਿਮ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਹੈ। ਇੱਥੋਂ ਤੱਕ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਪੰਜ ਮੈਂਬਰੀ ਕਮੇਟੀ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਯਤਨ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਤਿੰਨ ਦਸੰਬਰ ਨੂੰ ਐਸਜੀਪੀਸੀ ਵੱਲੋਂ ਮੀਟਿੰਗ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ 20 ਦਸੰਬਰ ਨੂੰ ਵੱਡੇ ਪੱਧਰ 'ਤੇ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਹਰਮੀਤ ਸਿੰਘ ਕਾਲਕਾ ਵੱਲੋਂ ਪੱਤਰ ਲਿਖਿਆ: ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪੰਜ ਮੈਂਬਰੀ ਵਫਦ ਦੀ ਨਿਯੁਕਤੀ ਕੀਤੀ ਗਈ ਸੀ, ਉਸ ਪੰਜ ਮੈਂਬਰ ਹੀ ਕਮੇਟੀ ਨੇ ਇਹ ਫੈਸਲਾ ਲਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਬੈਠ ਕੇ ਸ਼ਾਂਤਮਈ ਤਰੀਕੇ ਨਾਲ ਵਿਚਾਰ ਕਰਕੇ ਯਤਨ ਕੀਤੇ ਜਾਣ ਅਤੇ ਜਿਸ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਅਕਾਲ ਤਖਤ ਸਾਹਿਬ 'ਤੇ ਇੱਕ ਪੱਤਰ ਲਿਖਿਆ ਗਿਆ ਹੈ।
ਗੱਲਬਾਤ ਦੇ ਜਰੀਏ ਯਤਨ ਕਰਨ ਲਈ ਫੈਸਲਾ: ਜਿਸ ਵਿੱਚ ਉਹਨਾਂ ਨੇ 20 ਦਸੰਬਰ ਨੂੰ ਦਿੱਲੀ ਵਿਖੇ ਐਸਜੀਪੀਸੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਇਤਰਾਜ ਜਤਾਇਆ ਹੈ ਅਤੇ ਉਹਨਾਂ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗੱਲਬਾਤ ਦੇ ਜਰੀਏ ਯਤਨ ਕਰਨ ਲਈ ਫੈਸਲਾ ਲਿੱਤਾ ਗਿਆ ਸੀ ਤੇ ਫਿਰ ਐਸਜੀਪੀਸੀ ਵੱਲੋਂ ਪ੍ਰਦਰਸ਼ਨ ਕਿਉਂ ਕੀਤਾ ਜਾ ਰਿਹਾ ਅਤੇ ਉਸ ਪੱਤਰ ਨੂੰ ਦੇਖਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਐਸਜੀਪੀਸੀ ਵੱਲੋਂ 20 ਦਸੰਬਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਿੰਨ ਦਸੰਬਰ ਨੂੰ ਐਸਜੀਪੀਸੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਦੇ ਹੋਏ 26 ਲੱਖ ਪਰਫੋਰਮੇ ਲੈ ਕੇ ਦਿੱਲੀ ਵਿੱਚ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾਣਾ ਸੀ। ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਸੰਪਰਦਾਵਾਂ ਅਕਾਲੀ ਦਲ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਸਮਰਥਨ ਦੇਣ ਦੀ ਗੱਲ ਕੀਤੀ ਸੀ ਤੇ ਜਿਸ ਨੂੰ ਲੈ ਕੇ ਐਸਜੀਪੀਸੀ ਵੱਲੋਂ ਲਗਾਤਾਰ ਹੀ ਵੱਖ-ਵੱਖ ਥਾਵਾਂ ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।