ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਿੰਡ ਮੁੱਛਲ ਪੁੱਜੇ। ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ 'ਤੇ ਸ਼ਬਦੀ ਵਾਰ ਕੀਤੇ।
ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੂੰ ਘੇਰਦਿਆਂ ਦੂਲੋ ਨੇ ਕਿਹਾ ਕਿ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਸਰਗਰਮ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਸਮੇਂ ਸਿਰ ਕਾਰਵਾਈ ਕਰਦੇ ਤਾਂ ਮਾਸੂਮ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸੀ।
ਨਸ਼ਾ ਤਸਕਰਾਂ ਦੀ ਮਦਦ ਕਰ ਰਹੇ ਜਾਖੜ
ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ 'ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਜਾਖੜ ਪਾਰਟੀ ਦੇ ਸੂਬਾ ਪ੍ਰਧਾਨ ਹੋਣ ਦਾ ਫਰਜ਼ ਨਿਭਾਉਂਦੇ ਅਤੇ ਉਨ੍ਹਾਂ ਦੇ ਖ਼ਿਲਾਫ਼ ਆਵਾਜ਼ ਚੁੱਕਣ ਦੀ ਥਾਂ ਮੁੱਖ ਮੰਤਰੀ ਨੂੰ ਸਵਾਲ ਕਰਦੇ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨਸ਼ਾ ਤਸਕਰਾਂ ਦੀ ਮਦਦ ਕਰ ਰਹੇ ਹਨ।
ਮੰਤਰੀ ਧਰਮਸੋਤ ਨੂੰ ਨਸੀਹਤ
ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਉਨ੍ਹਾਂ (ਦੂਲੋ) ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਹਿਣ ਦੱਸੇ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਦੂਲੋ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਆਪਣੀ ਹੱਦ ਵਿੱਚ ਰਹਿ ਕੇ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਅਜਿਹੇ ਬਿਆਨ ਦੇ ਰਹੇ ਹਨ।