ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਜੱਥੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪਾਵਨ ਸਰੂਪ ਚੋਰੀ ਹੋਣ ਦੇ ਮਾਮਲਿਆਂ 'ਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ।
ਦੱਸ ਦਈਏ, ਪਟਿਆਲਾ ਦੇ ਪਿੰਡ ਕਲਿਆਣ ਸਥਿਤ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਚੋਰੀ ਦੇ ਸੰਬੰਧ ਵਿੱਚ ਕਿਹਾ ਕਿ ਇਸ ਘਟਨਾ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਖਦਸ਼ਾ ਪ੍ਰਗਟ ਕੀਤਾ ਕਿ ਜੇਕਰ ਜਲਦੀ ਹੀ ਉਚਿਤ ਕਾਰਵਾਈ ਨਹੀਂ ਕੀਤੀ ਗਈ ਤਾਂ ਬਰਗਾੜੀ ਵਰਗੀ ਘਟਨਾ ਵਾਪਰ ਸਕਦੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਨੂੰ ਗੰਭੀਰ ਖਤਰਾ ਪੈਦਾ ਹੋ ਸਕਦਾ ਹੈ। ਅਤੀਤ ਵਿੱਚ ਬਾਦਲ ਅਤੇ ਕੈਪਟਨ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸ਼ਨ ਨੂੰ ਇਸ ਮਸਲੇ ਦੀ ਗੰਭੀਰਤਾ ਸਮਝਦੇ ਹੋਏ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਨਾਲ-ਨਾਲ ਪੰਥ ਵਿਰੋਧੀ ਤਾਕਤਾਂ ਨੂੰ ਬੇਨਕਾਬ ਕਰਕੇ ਉਨ੍ਹਾਂ ਵਿਰੁੱਧ ਸ਼ਖਤ ਤੋਂ ਸ਼ਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ, ਗੁਰਪ੍ਰੀਤ ਸਿੰਘ ਕਲਕੱਤਾ, ਦਿਹਾਤੀ ਜਥੇ ਦੇ ਪ੍ਰਧਾਨ ਦਲਜਿੰਦਰ ਸਿੰਘ ਵਿਰਕ, ਪਾਰਟੀ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਅੰਮ੍ਰਿਤਸਰ ਮੇਨ ਦਫ਼ਤਰ ਦੇ ਇੰਚਾਰਜ ਮਨਮੋਹਨ ਸਿੰਘ ਸਠੀਆਲਾ ਅਤੇ ਸਵਰਨ ਸਿੰਘ ਕੁਰਾਲੀਆਂ ਵੱਲੋਂ ਇਹ ਮੰਗ ਪੱਤਰ ਅੰਮ੍ਰਿਤਸਰ ਦੇ ਸਹਾਇਕ ਡਿਪਟੀ ਕਮਿਸ਼ਨਰ ਅਨਮਜੋਤ ਕੌਰ ਨੂੰ ਸੌਂਪਿਆ ਗਿਆ।