ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਵਿੱਚ ਆਪਣੀ ਸੱਤਾ ਹਾਸਿਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਲੋਕਾਂ ਦਾ ਸਿਆਸੀ ਮੂਡ ਜਾਨਣ ਦੇ ਲਈ ਪੰਜਾਬ ਦੇ ਵੱਖ ਵੱਖ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਇਸ ਵਾਰ ਲੋਕ ਕਿਸ ਤਰ੍ਹਾਂ ਦੀ ਸਰਕਾਰ ਚਾਹੁੰਦੇ ਹਨ।
ਇਸੇ ਤਹਿਤ ਸਾਡੀ ਟੀਮ ਵੱਲੋਂ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਆਮ ਲੋਕਾਂ ਦੀ ਪੰਜਾਬ ਚੋਣਾਂ ਨੂੰ ਲੈ ਕੇ ਰਾਇ ਲਈ ਗਈ ਹੈ। ਇਸ ਦੌਰਾਨ ਇਹ ਵੀ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸਨੂੰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
ਇਸ ਗੱਲਬਾਤ ਦੌਰਾਨ ਲੋਕਾਂ ਨੇ ਜ਼ੋਰਦਾਰ ਆਵਾਜ਼ ਵਿੱਚ ਕਿਹਾ ਕਿ ਉਹ ਬਦਲਾਅ ਚਾਹੁੰਦੇ ਹਨ ਜੋ ਲੋਕਾਂ ਦੀ ਸੁਣੇ ਅਤੇ ਲੋਕਾਂ ਦੇ ਭਲੇ ਲਈ ਕੰਮ ਕਰੇ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਜਿਹੀ ਹੋਵੇ ਜੋ ਗਰੀਬਾਂ ਲਈ ਕੰਮ ਕਰੇ। ਇੱਕ ਬਜ਼ੁਰਗ ਨੇ ਗੱਲਬਾਤ ਦੌਰਾਨ ਦੱਸਿਆ ਕਿ ਮਹਿੰਗਾਈ ਇੰਨ੍ਹੀ ਜ਼ਿਆਦਾ ਵਧ ਗਈ ਹੈ ਕਿ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਬੇਰੁਜ਼ਗਾਰੀ ਵੀ ਵੱਡਾ ਮੁੱਦਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਕਰੀ ਨਾ ਮਿਲਣ ਕਾਰਨ ਉਨ੍ਹਾਂ ਦੇ ਬੱਚੇ ਰੁਜ਼ਗਾਰ ਤੋਂ ਸੱਖਣੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਝੂਠੇ ਵਾਅਦੇ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਵੀ ਨਸੀਹਤ ਦਿੱਤੀ ਹੈ ਕਿ ਵਾਅਦਿਆਂ ਦੀ ਬਜਾਇ ਸਰਕਾਰ ਕੰਮ ਕਰਨੀ ਵਾਲੀ ਚਾਹੀਦੀ ਹੈ ਨਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਵੋਟ ਹਾਸਿਲ ਕਰ ਉਨ੍ਹਾਂ ਬਾਅਦ ਵਿੱਚ ਕੋਈ ਪੁੱਛੇ ਵੀ ਨਾ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀ ਹੋਣੀ ਚਾਹੀਦੀ ਹੈ ਜੋ ਕੀਤੇ ਵਾਅਦਿਆਂ ਨੂੰ ਪੂਰਾ ਕਰੇ।
ਇਸ ਦੌਰਾਨ ਕੰਪਨੀ ਬਾਗ ਵਿੱਚ ਘੁੰਮ ਰਹੇ ਲੋਕਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਸਮੇਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘਰ ਘਰ ਨੌਕਰੀ, ਬੱਚਿਆਂ ਨੂੰ ਮੋਬਾਇਲ ਦੇਣ ਅਤੇ ਨਸ਼ੇ ਨੂੰ ਖਤਮ ਕਰਨ ਦੀ ਗੱਲ ਕਹੀ ਗਈ ਸੀ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।
ਇਸ ਗੱਲਬਾਤ ਦੌਰਾਨ ਵੱਡੀ ਗਿਣਤੀ ਵਿੱਚ ਬਦਲਾਅ ਦੀ ਮੰਗ ਕਰਦੇ ਵਿਖਾਈ ਦਿੱਤੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦੀ ਗੱਲ ਕਹਿੰਦੇ ਵਿਖਾਈ ਦਿੱਤੇ। ਨਾਲ ਹੀ ਕਈ ਲੋਕਾਂ ਵੱਲੋਂ ਸੀਐਮ ਚਰਨਜੀਤ ਚੰਨੀ ਦੀ ਕਾਰਗੁਜਾਰੀ ਦੀ ਸ਼ਲਾਘਾ ਵੀ ਕੀਤੀ ਹੈ। ਲੋਕਾਂ ਦਾ ਕਹਿਣੈ ਕਿ ਲੀਡਰ ਅਜਿਹਾ ਹੋਵੇ ਜੋ ਪਹਿਲ ਦੇ ਆਧਾਰ ਉੱਪਰ ਮਸਲੇ ਹੱਲ ਕਰੇ ਅਤੇ ਜੋ ਆਮ ਲੋਕਾਂ ਦੀ ਗੱਲ ਸੁਣੇ।
ਇਹ ਵੀ ਪੜ੍ਹੋ: ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ