ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕਿਆ ਗਿਆ ਸੀ ਅਤੇ ਲੰਬੇ ਸਮੇਂ ਤੋਂ ਸੁੱਚਾ ਸਿੰਘ ਲੰਗਾਹ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਰੋਜ਼ਾਨਾ ਨਤਮਸਤਕ ਹੋ ਕੇ ਸੰਗਤ ਤੋਂ ਮੁਆਫ ਮੰਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਅਤੇ ਉਨ੍ਹਾਂ ਨੂੰ ਮੁਆਫ ਕਰ ਦਿੱਤਾ ਗਿਆ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ: ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ।
ਲੰਗਾਹ ਲਈ ਹੋਇਆ ਇਹ ਐਲਾਨ: ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਪਰਾਈ ਇਸਤਰੀ ਨਾਲ ਗਮਨ ’ਤੇ ਬਜਰ ਕੁਰਾਇਤ ਕਬੂਲ ਲਈ ਹੈ। ਸਿੰਘ ਸਾਹਿਬਾਨ ਨੇ ਲੰਗਾਹ ਨੂੰ ਤਨਖ਼ਾਹੀਆ ਕਰਾਰ ਦਿੰਦੇ ਹੋਏ 21 ਦਿਨ ਦੀ ਸੇਵਾ ਲਗਾਈ ਹੈ। ਇਸ ਦੌਰਾਨ ਉਨ੍ਹਾਂ ਨੂੰ 1 ਘੰਟਾ ਕੀਰਤਨ ਪਰਿਕਰਮਾ 'ਚ ਕੀਰਤਨ ਸਰਵਨ ਕਰਨ, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ ਕਰਨ ਆਦਿ ਸੇਵਾ ਲਗਾਈ ਹੈ।
ਤਨਖਾਹੀਆਂ ਕਰਾਰ: ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੀਨ 'ਚੋਂ ਛਪਾਈ ਕਰਵਾਉਣ ਦੇ ਮਾਮਲੇ 'ਚ ਰਾਜਵੰਤ ਸਿੰਘ, ਭਜਨੀਕ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਅਮਰੀਕਾ 'ਚ ਥਮਿੰਦਰ ਸਿੰਘ ਵੱਲੋਂ ਪਾਵਨ ਸਰੂਪਾਂ ਦੀ ਛਪਾਈ ਦੇ ਮਾਮਲੇ 'ਚ ਗੁਰਦਰਸ਼ਨ ਸਿੰਘ ਨੇ ਲਿਖਤੀ ਰੂਪ 'ਚ ਮਾਫ਼ੀਨਾਮਾ ਭੇਜਿਆ। ਇਨ੍ਹਾਂ ਉੱਪਰ ਪਾਵਨ ਸਰੂਪਾਂ ਨੂੰ ਡੱਬਿਆਂ 'ਚ ਪੈਕ ਕਰ ਕੇ ਪਾਰਸਲ ਕਰਾਉਣ ਦਾ ਦੋਸ਼ ਹੈ। ਪੰਜ ਸਿੰਘ ਸਾਹਿਬਾਨ ਨੇ ਰਾਜਵੰਤ ਸਿੰਘ, ਭਜਨੀਕ ਸਿੰਘ ਤੇ ਗੁਰਦਰਸ਼ਨ ਸਿੰਘ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ।
ਇਹ ਵੀ ਪੜੋ: ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਹੋ ਰਹੀ ਨਤਮਸਤਕ