ਅੰਮ੍ਰਿਤਸਰ: ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਵੱਲੋਂ 31 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੈ। ਬੰਦ ਦੇ ਸੱਦੇ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ ਅਤੇ ਸਖ਼ਤੀ ਕੀਤੀ ਗਈ ਹੈ, ਜਿਸ ਤਹਿਤ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਜ਼ੋਰਾਂ 'ਤੇ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆਰੇ ਦਿਲਾਵਰ ਸਿੰਘ ਦੀ 25ਵੀਂ ਬਰਸੀ ਮਨਾਉਣ ਲਈ ਐਸਐਫਜੇ ਨੇ 31 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਐਸਐਫਜੇ ਦੇ ਸੱਦੇ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੰਜਾਬ ਪੁਲਿਸ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੁਲਿਸ ਦੇ ਉਚ ਅਧਿਕਾਰੀ ਖੁਦ ਵੀ ਮੈਦਾਨ ਵਿੱਚ ਡਟੇ ਵਿਖਾਈ ਦੇ ਰਹੇ ਹਨ।
ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕਰਦੇ ਹੋਏ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਐਸਐਫਜੇ ਦੇ ਕੱਲ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਜਿਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀ ਖ਼ੁਦ ਵੀ ਮੈਦਾਨ ਵਿੱਚ ਡਟੇ ਹੋਏ ਹਨ ਅਤੇ ਹਰੇਕ ਆਉਣ-ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ 'ਤੇ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ।