ਅੰਮ੍ਰਿਤਸਰ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ, ਜਿਸ ਤਹਿਤ ਐਤਵਾਰ ਨੂੰ ਸ਼ਹਿਰ ਵਿੱਚ ਵਿਦਿਆਰਥੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਮਾਰਚ ਕੱਢਿਆ। ਵਿਦਿਆਰਥੀਆਂ ਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਸਮਰਥਨ ਵਿੱਚ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੇ ਮਾਰਚ ਬਾਰੇ ਜਾਣਕਾਰੀ ਦਿੱਤੀ ਕਿ ਮੋਦੀ ਸਰਕਾਰ ਵੱਲੋਂ ਜਿਹੜੇ ਕਾਲੇ ਖੇਤੀ ਕਾਨੂੰਨ ਲਿਆਂਦੇ ਗਏ ਹਨ, ਸਰਕਾਰ ਨੂੰ ਉਹ ਵਾਪਸ ਲੈਣੇ ਚਾਹੀਦੇ ਹਨ। ਕੜਾਕੇ ਦੀ ਠੰਢ ਵਿੱਚ ਜਿਥੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਿਲ ਹੋ ਰਿਹਾ ਹੈ, ਉਥੇ ਕਿਸਾਨ ਦਿੱਲੀ ਵਿਖੇ ਖੁੱਲ੍ਹੇ ਆਸਮਾਨ ਵਿੱਚ ਬੈਠੇ ਹਨ ਅਤੇ ਰੋਜ਼ਾਨਾ ਕੋਈ ਨਾ ਕੋਈ ਕਿਸਾਨ ਸੰਘਰਸ਼ 'ਚ ਜਾਨ ਗੁਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਛੇਤੀ ਹੀ ਇਹ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਵਾਪਸ ਲੈ ਲਵੇ ਕਿਉਂਕਿ ਜੇਕਰ ਦੇਰ ਹੋ ਗਈ ਤਾਂ ਆਗਾਮੀ ਸਮੇਂ ਵਿੱਚ ਦਿੱਲੀ ਦੀ ਰੋਟੀ ਵੀ ਬੰਦ ਹੋ ਸਕਦੀ ਹੈ।
ਵਿਦਿਆਰਥੀਆਂ ਨੇ ਕਿਹਾ ਕਿ ਇਹ ਕਾਨੂੰਨ ਕਿਸਾਨੀ ਨੂੰ ਬਰਬਾਦ ਕਰਨ ਵਾਲਾ ਹੈ, ਜਿਸ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਸਾਥ ਦੇਣ ਲਈ ਉਨ੍ਹਾਂ ਸਾਰੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਇਹ ਮਾਰਚ ਕੀਤਾ ਹੈ। ਇਹ ਮਾਰਚ ਡੀਏਵੀ ਸਕੂਲ ਤੋਂ ਲੈ ਕੇ ਕੰਪਨੀ ਬਾਗ਼ ਚੌਕ ਤੱਕ ਕੀਤਾ ਗਿਆ। ਵਿਦਿਆਰਥੀਆਂ ਨੇ ਮਾਰਚ ਦੌਰਾਨ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ।