ਚੰਡੀਗੜ੍ਹ: 550ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਥ ਵਿੱਚੋਂ ਛੇਕੇ ਗਏ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਕੋਲ ਖਿਮਾ ਯਾਚਨਾ ਕਰਨ ਅਤੇ ਆਪਣੇ ਗੁਨਾਹ ਕਬੂਲ ਕਰਨ 'ਤੇ ਮਾਫੀ ਮਿਲ ਸਕਦੀ ਹੈ। ਇਸ ਗੱਲ ਦੀ ਬਿੜਕ ਪੈਂਦਿਆ ਹੀ ਪੰਥ ਵਿੱਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਨੂੰ ਚਿੱਠੀ ਲਿਖ ਕੇ ਪੰਥ ਵਿੱਚ ਮੁੜ ਤੋਂ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ।
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਨੇ ਪੰਥ ਵਿੱਚੋਂ ਛੇਕੇ ਵਿਅਕਤੀਆਂ ਨੂੰ ਖਿਮਾ ਯਾਚਨਾ ਕਰਨ ਤੇ ਆਪਣਾ ਗੁਨਾਹ ਕਬੂਲ ਕਰਨ ‘ਤੇ ਮੁਆਫ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਮਾਮਲੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ 21 ਅਕਤੂਬਰ ਨੂੰ ਚਰਚਾ ਕੀਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਕੇਵਲ ਵਿਅਕਤੀਗਤ ਉਲੰਘਣਾ ਵਾਲੇ ਮਾਮਲੇ ਹੀ ਵਿਚਾਰੇ ਜਾਣਗੇ ਜਿਸ ਵਿਅਕਤੀ ਨੂੰ ਸਮੁੱਚੀ ਸਿੱਖ ਸੰਗਤ ਵੱਲੋਂ ਹੀ ਪੰਥ ਵਿੱਚੋਂ ਛੇਕਿਆ ਗਿਆ ਹੈ ਉਨ੍ਹਾਂ ਮਾਮਲਿਆਂ ਬਾਰੇ ਕੋਈ ਵਿਚਾਰ ਚਰਚਾ ਨਹੀਂ ਹੋਵੇਗੀ। ਇਸ ਦੌਰਾਨ ਇਹ ਵੀ ਕਿਹਾ ਕਿ ਜਿਹੜੇ ਵਿਅਕਤੀ ਅਕਾਲ ਚਲਾਨਾ ਕਰ ਗਏ ਹਨ ਉਨ੍ਹਾਂ ਦੇ ਪਰਿਵਾਰ ਵਾਲੇ ਇਨ੍ਹਾਂ ਦੋਸ਼ਾਂ ਤੋਂ ਸੁਰਖਰੂ ਹੋਣ ਲਈ ਇਸ ਪਹਿਲਕਦਮੀ ਵਿੱਚ ਸ਼ਾਮਲ ਹੋ ਸਕਦੇ ਹਨ।
ਅਕਾਲ ਤਖ਼ਤ ਦੇ ਬਿਆਨ ਤੋਂ ਬਾਅਦ ਪੰਥ ਵਿੱਚੋਂ ਛੇਕੇ ਗਏ ਵਿਅਕਤੀਆਂ ਨੇ ਖਿਮਾ ਯਾਚਨਾ ਲਈ ਚਿੱਠੀਆਂ ਭੇਜਣੀਆਂ ਸ਼ੁਰੂ ਕਰ ਦਿੱਤੀਆ ਹਨ। ਜਿਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਤੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਨਾਂਅ ਸਾਹਮਣੇ ਆਇਆ ਹੈ।
ਜ਼ਿਕਰਯੋਗ ਹੈ ਸੁੱਚਾ ਸਿੰਘ ਲੰਗਾਹ ਅਤੇ ਚੀਫ ਖਾਲਸਾ ਦੀਵਾਨ ਦੀ ਔਰਤ ਨਾਲ਼ ਨਜਾਇਜ਼ ਸਬੰਧਾਂ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਕਰਕੇ ਅਕਾਲ ਤਖ਼ਤ ਨੇ ਉਨ੍ਹਾਂ ਨੂੰ ਪੰਥ ਚੋਂ ਛੇਕ ਦਿੱਤਾ ਸੀ। ਹਾਲਾਂਕਿ ਹੁਣ ਇਹ ਦੋਵੇਂ ਕਾਨੂੰਨੀ ਤੌਰ ਤੇ ਬਰੀ ਹਨ ਪਰ ਇਹ ਤਾਂ 21 ਅਕਤੂਬਰ ਨੂੰ ਹੀ ਪਤਾ ਲੱਗੇਗਾ ਕਿ ਅਕਾਲ ਤਖ਼ਤ ਉਨ੍ਹਾਂ ਨੂੰ ਬਰੀ ਕਰਦਾ ਹੈ ਜਾਂ ਨਹੀਂ ?