ਬਠਿੰਡਾ/ਅੰਮ੍ਰਿਤਸਰ: ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੀ ਚੱਕੇ ਜਾਮ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੇ ਸਾਂਝੇ ਸੰਘਰਸ਼ ਤੋਂ ਵੱਖਰੇ ਤੌਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੰਬੀ ਵਿੱਚ ਇੱਕ ਟਰੈਕਟਰ ਰੈਲੀ ਕੀਤੀ। ਇਸ ਰੈਲੀ ਵਿੱਚ ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਹੀ ਭਾਈਵਾਲ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕਸਦਿਆਂ ਕਿਹਾ ਕਿ "ਅਕਾਲੀ ਦਲ ਦੇ ਇੱਕ ਬੰਬ ਨੇ ਮੋਦੀ ਨੂੰ ਹਿਲਾ ਕੇ ਰੱਖ ਦਿੱਤਾ।"
ਸੁਖਬੀਰ ਬਾਦਲ ਨੇ ਖੁਦ ਟਰੈਕਟਰ ਚਲਾ ਕੇ ਟਰੈਕਟਰ ਰੈਲੀ ਦੀ ਅਗਵਾਈ ਕੀਤੀ, ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਵੀ ਟਰੈਕਟਰ 'ਤੇ ਸਵਾਰ ਸਨ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਵੀ ਅਕਾਲੀ ਦਲ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੈਲੀ ਕੀਤੀ ਅਤੇ ਪੰਜਾਬ ਬੰਦ ਦਾ ਸਮਰਥਨ ਕੀਤਾ।
ਇਸੇ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਵੀ ਅਕਾਲੀ ਦਲ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਪੰਜਾਬ ਹੀ ਤਬਾਹ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਆਪ ਇਸ 'ਤੇ ਫਿਕਸ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ਜੰਗ ਜਾਰੀ ਰੱਖੇਗਾ।