ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਇਸ ਦੌਰਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਵਿੰਨ੍ਹੇ ਅਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ 'ਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਇਹ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ਸਾਰੀ ਜਾਂਚ ਝੂਠੀ ਸੀ। ਇਹ ਸਾਰਾ ਕੁੱਝ ਉਨ੍ਹਾਂ ਵੋਟਾਂ ਜਿੱਤਣ ਲਈ ਕੀਤਾ, ਇਹ ਸਾਰੀ ਪੰਜਾਬ ਸਰਕਾਰ ਨੇ ਡਰਾਮੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਗ੍ਰਹਿ ਮੰਤਰੀ ਨਾਲ ਗੱਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਸੀਬੀਆਈ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਕਿ ਇਸ ਮਾਮਲੇ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ ਬਲਕਿ ਜਿਨ੍ਹਾਂ ਨੇ ਗੁਨਾਹ ਕੀਤਾ ਹੈ ਉਨ੍ਹਾਂ ਨੂੰ ਫੜ੍ਹਿਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਿਆ ਦੇ ਮੁੱਦੇ 'ਤੇ ਘੇਰਿਆ। ਉਨ੍ਹਾਂ ਕਿਹਾ ਕਿ ਡਰੱਗ ਸਮਗਲਰਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਹੈ ਜਿਸ ਕਾਰਨ ਨਸ਼ਿਆਂ ਦੀ ਤਸਕਰੀ ਵੱਧਦੀ ਜਾ ਰਹੀ ਹੈ। ਮੁੱਖ ਮੰਤਰੀ ਨੂੰ ਇਸ ਬਾਰੇ ਕੋਈ ਚਿੰਤਾ ਨਹੀਂ ਹੈ ਪਰ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਦਲਦਲ ਵਿੱਚ ਧੱਸਦੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਸ ਨੂੰ ਇੰਨਾ ਵਧੀਆ ਮੰਤਰਾਲਾ ਦਿੱਤਾ ਗਿਆ ਸੀ ਜੋ ਕਿ ਗੁਰੂ ਦੀ ਨਗਰੀ ਨੂੰ ਖ਼ੂਬਸੂਰਤ ਬਣਾ ਸਕਦਾ ਸੀ ਪਰ ਉਸ ਨੇ ਆਪਣੀ ਡਰਾਮੇਬਾਜ਼ੀ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ।
ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਮੱਦੇਨਜ਼ਰ 1 ਅਗਸਤ ਨੂੰ ਪਾਕਿਸਤਾਨ 'ਚ ਸਜਾਏ ਜਾ ਰਹੇ ਨਗਰ ਕੀਰਤਨ ਬਾਰੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ, ਸਮੂਹ ਸੰਗਤ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦੇ ਹਨ ਕਿ ਇਹ ਸ਼ੁੱਭ ਦਿਹਾੜਾ ਇਕੱਠੇ ਹੋ ਕੇ ਮਨਾਇਆ ਜਾਵੇ। ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਜਦੋਂ ਅਟਾਰੀ ਵਾਹਘਾ ਸਰਹੱਦ 'ਤੇ ਨਗਰ ਕੀਰਤਨ ਪੁੱਜੇਗਾ ਤਾਂ ਉਨ੍ਹਾਂ ਦਾ ਉਹ ਸਵਾਗਤ ਕਰਨ।