ਅੰਮ੍ਰਿਤਸਰ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਂਗਸਟਰਾਂ ਨੂੰ ਸ਼ਹਿ ਦੇਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਗੈਂਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।
ਬਾਦਲ ਅੱਜ ਇੱਥੋਂ ਨੇੜਲੇ ਪਿੰਡ ਵਡਾਲਾ ਦੇ ਦਾਣਾ ਮੰਡੀ ਵਿਖੇ ਸਾਬਕਾ ਅਕਾਲੀ ਸਰਪੰਚ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਬਾਬਾ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਆਏ ਸਨ। ਸ਼ਰਧਾਂਜਲੀ ਭੇਟ ਕਰਨ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਦਾ ਸਿਆਸੀ ਕਤਲ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕਰਦਿਆਂ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ 10 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਜੇ ਕਾਤਲ ਫੜੇ ਨਹੀਂ ਜਾਂਦੇ ਤਾਂ ਮਜੀਠਾ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਕਿਸੇ ਨਾ ਕਿਸੇ ਬਹਾਨੇ ਅਕਾਲੀ ਵਰਕਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗੈਗਸਟਰਾਂ ਨੂੰ ਵਰਤ ਕੇ ਰਾਜ ਕਰਨ ਦਾ ਸੁਪਨਾ ਸਜਾਈ ਬੈਠੀ ਹੈ। ਜੋ ਕਿ ਕਾਮਯਾਬ ਨਹੀਂ ਹੋਵੇਗਾ ਅਤੇ ਲੋਕ ਕਾਂਗਰਸ ਨੂੰ ਕਰਾਰੀ ਹਾਰ ਦੇਣਗੇ। ਰਾਜ ਵਿਚ ਨਸ਼ਿਆਂ ਦੇ ਵਾਧੇ ਅਤੇ ਅਮਨ ਕਾਨੂੰਨ ਦੀ ਪੇਤਲੀ ਹਾਲਤ ਲਈ ਵੀ ਉਨ੍ਹਾਂ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਸਿਰਫ਼ ਨਾਮ ਦਾ ਹੈ, ਦਿਖਾਈ ਨਹੀਂ ਦਿੰਦਾ।