ਅੰਮ੍ਰਿਤਸਰ: ਬੀਤੇ ਸਾਲ ਦੁਸ਼ਹਿਰੇ ਮੌਕੇ ਜੌੜਾ ਫਾਟਕ 'ਤੇ ਹੋਏ ਰੇਲ ਹਾਦਸੇ 'ਚ ਪੀੜਤਾਂ ਨੂੰ ਇਨਸਾਫ਼ ਨਾ ਮਿਲਣ 'ਤੇ ਅੱਜ ਪੀੜਤ ਪਰਿਵਾਰਾਂ ਤੇ ਇਲਾਕਾ ਵਾਸੀਆਂ ਵੱਲੋਂ ਜੌੜਾ ਫਾਟਕ 'ਤੇ ਧਰਨਾ ਲਗਾਇਆ ਗਿਆ ਹੈ। ਧਰਨੇ ਵਿੱਚ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਕਈ ਆਗੂਆਂ ਨੇ ਪੀੜਤ ਪਰਿਵਾਰਾਂ ਦੇ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ।
ਸੁਖਪਾਲ ਖਹਿਰਾ ਨੇ ਸਰਕਾਰ ਖ਼ਿਲਾਫ ਤੰਜ ਕਸਦਿਆਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਰੇਲ ਹਾਦਸੇ ਵਿੱਚ ਮਾਰੇ ਗਏ 60 ਲੋਕਾਂ ਦੀ ਮੌਤ ਦਾ ਕਿਸੇ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਗਿਆ ਤੇ ਨਾ ਕਿਸੇ 'ਤੇ ਕੋਈ ਪਰਚਾ ਦਰਜ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਸਿਰਫ਼ 5 ਲੱਖ ਦਾ ਮੁਆਵਜ਼ਾ ਦੇ ਕੇ ਇਨ੍ਹਾਂ ਪੀੜਤ ਪਰਿਵਾਰਾਂ ਦੇ ਜ਼ਖਮਾਂ 'ਤੇ ਮਰਹਮ ਲਗਾ ਦਿੱਤੀ ਗਈ ਪਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿਤੀ ਗਈ। ਖਹਿਰਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਅਗਲੀ ਜਿਹੜੀ ਵੀ ਰਣਨੀਤੀ ਬਨਾਉਣਗੇਂ ਉਹ ਉਨ੍ਹਾਂ ਦੇ ਨਾਲ ਹਨ। ਇਸ ਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦਿੱਤੇ ਜਾਣੇ ਚਾਹੀਦੇ ਹਨ।
ਇਹ ਵੀ ਪੜੋ- ਭਾਰਤੀ ਏਅਰ ਫੋਰਸ ਦਿਵਸ ਮੌਕੇ ਗਰਜੇ ਲੜਾਕੂ ਜਹਾਜ਼, ਅਭਿਨੰਦਨ ਨੇ ਮਿਗ ਜਹਾਜ਼ ਵਿੱਚ ਭਰੀ ਉਡਾਣ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਭਿਆਨਕ ਰੇਲ ਹਾਦਸਾ ਵਾਪਰਿਆ ਸੀ ਜਿਸ ਵਿੱਚ 60 ਦੇ ਕਰੀਬ ਲੋਕਾਂ ਦੀ ਮੌਤ ਅਤੇ 150 ਤੋਂ ਜ਼ਿਆਦਾ ਲੋਕ ਜਖ਼ਮੀ ਹੋ ਗਏ ਸਨ। ਇਨ੍ਹਾਂ ਪੀੜਤ ਪਰਿਵਾਰਾਂ ਨੂੰ ਉਸ ਵੇਲੇ ਸਰਕਾਰ ਨੇ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਨਾਲ ਹੀ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਵੀ ਦਿੱਤਾ ਸੀ, ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਪੀੜਤ ਪਰਿਵਾਰ ਦੇ ਕਿਸੇ ਮੈਂਬਰ ਨੂੰ ਨੌਕਰੀ ਮਿਲੀ ਤੇ ਨਾ ਹੀ ਮੁਆਵਜ਼ਾ। ਜਿਸ ਕਾਰਨ ਇਹ ਪੀੜਤ ਪਰਿਵਾਰ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉੱਤਰ ਆਏ ਹਨ।