ਅੰਮ੍ਰਿਤਸਰ :ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ ਦੁਨੀਆਂ ਵਿੱਚ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ, ਉੱਥੇ ਹੀ ਗੁਰੂ ਸਾਹਿਬ ਦੇ ਮੁੱਖ ਧਾਰਮਿਕ ਸਥਾਨਾਂ ਵਿਚੋਂ ਇੱਕ ਗਿਣੇ ਜਾਂਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਵੀ ਲੜੀਵਾਰ ਧਾਰਮਿਕ ਸਮਾਗਮ ਜਾਰੀ ਹਨ।
ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਤਹਿਤ 20 ਮਾਰਚ ਨੂੰ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ , ਜੋ ਕਿ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ। ਬਾਬਾ ਬਕਾਲਾ ਵਿਖੇ ਰਾਤ ਦੇ ਠਹਿਰਾਉ ਉਪਰੰਤ ਅੱਜ ਭਾਰੀ ਬਾਰਿਸ਼ ਦੌਰਾਨ ਸੰਗਤਾਂ ਦਾ ਵਿਸਾਲ ਹਜੂਮ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ।
ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਰਵਾਨਾ ਹੋ ਕੇ ਬਿਆਸ ਦਰਿਆ ਪੁਲ ਪਾਰ ਕਰਨ ਉਪਰੰਤ ਦੁਆਬੇ ਵਿੱਚ ਦਾਖਲ ਹੋ ਕੇ ਵੱਖ ਵੱਖ ਪਿੰਡਾਂ ਸ਼ਹਿਰਾਂ ਤੋਂ ਹੁੰਦੇ ਹੋਏ ਹਰਿਆਣਾ ਦਿੱਲੀ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਜਿਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਅਗਲੇ ਪ੍ਰੋਗਰਾਮ ਕੀਤੇ ਜਾਣਗੇ।