ਅੰਮ੍ਰਿਤਸਰ: ਪੂਰੇ ਦੇਸ਼ ਵਿੱਚ ਦਿਵਾਲੀ ਦਾ ਤਿਉਹਾਰ ਬੇਹਦ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ, ਪੰਜਾਬ ਵਿੱਚ ਹੀ ਕਹਾਵਤ ਮਸ਼ਹੂਰ ਹੈ ਕਿ "ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ"। ਦੀਵਾਲੀ ਦਾ ਤਿਉਹਾਰ ਅੰਮ੍ਰਿਤਸਰ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਛੁਡਵਾਇਆ ਸੀ। ਇਸੇ ਦਿਨ ਤੋਂ ਦੀਵਾਲੀ ਦਾ ਤਿਉਹਾਰ ਸਿੱਖ ਕੌਮ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਇਸ਼ਨਾਨ ਕੀਤਾ। ਸੰਗਤਾਂ ਵਲੋਂ ਦੀਪਮਾਲਾ ਵੀ ਕੀਤੀ ਗਈ। ਉਥੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰਾਂ ਸਜਾਇਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ਬਾਜੀ ਵੀ ਕੀਤੀ ਗਈ ਇਹ ਨਜ਼ਾਰਾ ਵੇਖਣ ਵਾਲਾ ਰਿਹਾ ਹੈ।
ਇਸ ਮੌਕੇ ਸੰਗਤਾਂ ਦਾ ਕਹਿਣਾ ਹੈ ਕਿ ਉਹ ਭਾਗਾਂ ਵਾਲੇ ਹਨ , ਜਿਹੜਾ ਅੱਜ ਗੁਰੂ ਘਰ ਆ ਕੇ ਇਹ ਨਜ਼ਾਰਾ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਦੇਸ ਵਿਦੇਸ਼ ਤੋਂ ਸੰਗਤਾਂ ਗੁਰੂ ਘਰ ਪੁਜੀਆਂ ਹਨ। ਉਨ੍ਹਾਂ ਕਿਹਾ ਇਥੇ ਗੁਰੂ ਘਰ ਵਿੱਚ ਪੁੱਜ ਮਨ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੋਮਬੱਤੀਆਂ ਜਗਾ ਕੇ ਦੀਪਮਾਲਾ ਕੀਤੀ ਗਈ ਤੇ ਆਈਆਂ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਪੂਰੀ ਦੁਨੀਆਂ ਵਿੱਚ ਜਿੱਥੇ ਹਿੰਦੂ ਧਰਮ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਜਾਂਦਾ ਤੇ ਸਿੱਖ ਧਰਮ ਵੱਲੋਂ ਅੱਜ ਦਾ ਦਿਨ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ, ਕਿਉਂਕਿ ਅੱਜ ਦੇ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।
ਇਹ ਵੀ ਪੜ੍ਹੋ: Bhai Dooj Muhurat 2022 ਜਾਣੋ ਇਸ ਵਾਰ 26 ਜਾਂ 27 ਅਕਤੂਬਰ, ਕਦੋਂ ਮਨਾਇਆ ਜਾਵੇਗਾ ਭਾਈ ਦੂਜ