ਅੰਮ੍ਰਿਤਸਰ: ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਕੀਰਤਨ ਕਰਨ ਵਾਲੀ ਜਗ੍ਹਾ 'ਤੇ ਸਿਗਰਟ (Cigrate) ਦਾ ਧੂੰਆ ਸੁੱਟਣ ਸਬੰਧੀ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਅਤੇ ਠੇਸ ਪਹੁੰਚਾਉਣ ਵਾਲੀ ਘਟਨਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਣਜੀਤ ਸਿੰਘ ਗੋਰੇ ਮਸਕੀਨ ਜੀ ਨੇ ਕੀਤਾ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਲਈ ਇਥੇ ਪੁੱਜੇ ਹੋਏ ਹਨ। ਉਨ੍ਹਾਂ ਵਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।
ਅਜਿਹੀਆਂ ਘਿਣੌਣੀਆਂ ਹਰਕਤਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੰਘ ਸਾਹਿਬ ਨੇ ਪੁਲਿਸ ਪ੍ਰਸ਼ਾਸ਼ਨ (Police administration) ਨੂੰ ਤਾੜਨਾ ਕੀਤੀ ਹੈ ਅਤੇ ਉਨ੍ਹਾਂ ਸੇਵਾਦਾਰਾਂ ਨੂੰ ਵੀ ਕਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਹੱਥ ਪੈਰ ਬਰਾਬਰ ਕਰ ਕੇ, ਅਜਿਹੀਆਂ ਹਰਕਤਾਂ ਕਰਨ ਵਾਲੇ ਲੋਕਾਂ ਦੀ ਚੰਗੀ ਤਰ੍ਹਾਂ ਸੇਵਾ ਕਰ ਕੇ ਫਿਰ ਇਨ੍ਹਾਂ ਨੂੰ ਪੁਲਿਸ ਹਵਾਲੇ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵਲੋਂ ਪਹਿਲਾਂ ਹੀ ਪਾਗਲਪਨ ਦਾ ਸਰਟੀਫਿਕੇਟ ਬਣਾਇਆ ਹੁੰਦਾ ਹੈ ਤਾਂ ਜੋ ਇਹੋ ਜਿਹੇ ਲੋਕ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਣ। ਇਨ੍ਹਾਂ ਲੋਕਾਂ ਦਾ ਅਜਿਹਾ ਕੋਈ ਵੀ ਸਰਟੀਫਿਕੇਟ ਮੰਨਿਆ ਨਹੀਂ ਜਾਣਾ ਚਾਹੀਦਾ ਹੈ।
ਅਜਿਹੀਆਂ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ
ਸਿੰਘ ਸਾਹਿਬ ਰਣਜੀਤ ਸਿੰਘ ਗੋਰੇ ਮਸਕੀਨ ਜੀ ਨੇ ਕਿਹਾ ਕਿ ਇਹ ਘਟਨਾ ਪਿੱਛੇ ਡੇਰਾ ਸਿਰਸਾ ਮੁੱਖੀ ਦਾ ਸਿੱਧੇ ਤੌਰ 'ਤੇ ਹੱਥ ਹੋਣ ਵੱਲ ਇਸ਼ਾਰਾ ਕਰਦੀ ਹੈ। ਲੋਕ ਮੰਦਬੁੱਧੀ ਹੋਣ ਦਾ ਨਾਟਕ ਕਰਦੇ ਹਨ। ਇਸ ਤਰ੍ਹਾਂ ਦੇ ਲੋਕ ਦੇਸ਼ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਇਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਜਨਤਾ ਸਾਹਮਣੇ ਬੇਨਕਾਬ ਕਰਨਾ ਚਾਹੀਦਾ ਹੈ। ਸਿੰਘ ਸਾਹਿਬ ਵਲੋਂ ਇਨ੍ਹਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪਰੰਤੂ ਜੇਕਰ ਪ੍ਰਸ਼ਾਸ਼ਨ ਵਲੋਂ ਇਸ ਮਾਮਲੇ ਵਿਚ ਕਿਸੇ ਕਿਸਮ ਦੀ ਕੋਈ ਢਿੱਲ ਵਰਤੀ ਗਈ ਤਾਂ ਖਾਲਸਾ ਇਸ ਨੂੰ ਪ੍ਰਵਾਨ ਨਹੀਂ ਕਰੇਗਾ।
ਇਹ ਵੀ ਪੜ੍ਹੋ- ‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’