ਅੰਮ੍ਰਿਤਸਰ: ਅੰਮ੍ਰਿਤਸਰ ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਿਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਉਗਰੇਵਾਲ ਨਾਲ ਸਬੰਧਿਤ 22 ਸਾਲਾ ਸੁਖਬੀਰ ਸਿੰਘ ਪੁੱਤਰ ਬਿਕਰਮਜੀਤ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜਲੇ ਪਿੰਡ ਗੋਪਾਲਪੁਰ ਦੇ 25 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਦੇ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ (ਰਾਜਾਸਾਂਸੀ) ਅੰਮ੍ਰਿਤਸਰ ਵਿਖੇ ਪਹੁੰਚੇ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਆਗੂਆਂ ਨੇ ਦੱਸਿਆ ਕਿ ਸੁਖਬੀਰ ਤੇ ਜਨਮ ਤੋਂ 6 ਮਹੀਨੇ ਬਾਅਦ ਵਿਧਵਾ ਹੋਈ ਆਪਣੀ ਮਾਂ ਦੀ ਇਕਲੌਤੀ ਔਲਾਦ ਸੁਖਬੀਰ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਉੱਥੇ ਟਰੱਕ ਡਰਾਈਵਰ ਨਾਲ ਬਤੌਰ ਹੈਲਪਰ ਕੰਮ ਕਰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਦੀ ਬੀਤੀ 6 ਮਾਰਚ ਨੂੰ ਸਮੁੰਦਰ ਦੇ ਕੰਢੇ ਤੋਂ ਮ੍ਰਿਤਕ ਦੇਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਗੁਰਪ੍ਰੀਤ ਸਿੰਘ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰਨ ਆਇਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਵੀ ਗਲਤ ਹੱਥਾਂ 'ਚ ਚੜਨ ਕਰਕੇ ਬੀਤੀ 7 ਮਾਰਚ ਨੂੰ ਅਚਾਨਕ ਆਪਣੇ ਬਜ਼ੁਰਗ ਮਾਪਿਆਂ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ ਸੀ।
ਉਨ੍ਹਾਂ ਦੱਸਿਆ ਕਿ ਦੋਵਾਂ ਪੀੜ੍ਹਤ ਪਰਿਵਾਰਾਂ ਨੇ ਕ੍ਰਮਵਾਰ ਟਰੱਸਟ ਦੀਆਂ ਗੁਰਦਾਸਪੁਰ ਅਤੇ ਪਟਿਆਲਾ ਟੀਮਾਂ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਉਕਤ ਨੌਜਵਾਨਾਂ ਦੇ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਅਪੀਲ ਕੀਤੀ ਸੀ। ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਦੋਵਾਂ ਨੌਜਵਾਨਾਂ ਦੇ ਮ੍ਰਿਤਕ ਸਰੀਰਾਂ ਨੂੰ ਭਾਰਤ ਭੇਜਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਸੁਖਬੀਰ ਦੀ ਇਕੱਲੀ ਰਹਿ ਗਈ ਮਾਂ ਨੂੰ ਟਰੱਸਟ ਵੱਲੋਂ 2 ਹਜ਼ਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ, ਜਿਸ ਦਾ ਪਹਿਲਾ ਚੈੱਕ ਕੱਲ੍ਹ ਹੀ ਸਸਕਾਰ ਮੌਕੇ ਗੁਰਦਾਸਪੁਰ ਟੀਮ ਵੱਲੋਂ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਇੱਕ ਵਾਰ ਮੁੜ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲਾਲਚੀ ਏਜੰਟਾਂ ਦੇ ਚੁੰਗਲ 'ਚ ਫਸ ਕੇ ਆਪਣੇ ਜਿਗਰ ਦੇ ਟੋਟਿਆਂ ਨੂੰ ਮੌਤ ਦੇ ਮੂੰਹ 'ਚ ਨਾ ਪਾਉਣ।
ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਪੈਦਾ ਹੋਏ ਹਾਲਾਤਾਂ ਦੌਰਾਨ ਦੁਬਈ ਅੰਦਰ ਬਹੁਤ ਸਾਰੇ ਕਾਰੋਬਾਰ ਜਾਂ ਤਾਂ ਘੱਟ ਗਏ ਹਨ ਜਾਂ ਬਿਲਕੁਲ ਬੰਦ ਹੋ ਗਏ ਹਨ, ਜਿਸ ਕਾਰਨ ਪੰਜਾਬ ਤੋਂ ਗਏ ਹਜ਼ਾਰਾਂ ਨੌਜਵਾਨ ਇੱਥੇ ਕੰਮ-ਕਾਰ ਨਾ ਮਿਲਣ ਕਾਰਨ ਜਾਂ ਏਜੰਟਾਂ ਵੱਲੋਂ ਧੋਖਾ ਦੇਣ ਕਰਕੇ 2 ਡੰਗ ਦੀ ਰੋਟੀ ਨੂੰ ਵੀ ਤਰਸਣ ਲਈ ਮਜ਼ਬੂਰ ਹਨ।
ਉਨ੍ਹਾਂ ਕਿਹਾ ਕਿ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਇਥੇ ਸਾਡੇ ਬਹੁਤ ਹੀ ਛੋਟੀ ਉਮਰ ਦੇ ਨੌਜਵਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੇ ਮਨ ਨਾਲ ਦੱਸਣਾ ਪੈ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ 'ਚ ਹੀ ਉਹ 3 ਨੌਜਵਾਨਾਂ ਦੇ ਮ੍ਰਿਤਕ ਸਰੀਰ ਭਾਰਤ ਭੇਜ ਚੁੱਕੇ ਹਨ ਜਦੋਂ ਕਿ 8 ਤੋਂ 10 ਹੋਰਨਾਂ ਬਦਨਸੀਬ ਨੌਜੁਆਨਾਂ ਦੇ ਮ੍ਰਿਤਕ ਸਰੀਰ ਆਉਂਦੇ ਕੁਝ ਦਿਨ੍ਹਾਂ 'ਚ ਪਹੁੰਚਾਏ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਦੁਬਈ ਪੁਲਿਸ ਨੇ ਵੀ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਕੁਝ ਭਾਰਤੀ ਨੌਜਵਾਨਾਂ ਦੇ ਲਾਵਾਰਸ ਮ੍ਰਿਤਕ ਸਰੀਰਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ, ਜਿਸ ਸਬੰਧਿਤ ਵਾਰਸਾਂ ਨੂੰ ਜਲਦ ਲੱਭ ਕੇ ਇਹ ਦੇਹਾਂ ਵੀ ਜਲਦ ਭਾਰਤ ਭੇਜ ਦਿੱਤੀਆਂ ਜਾਣਗੀਆਂ।
ਪੀੜਤ ਪਰਿਵਾਰਾਂ ਨਾਲ ਹਵਾਈ ਅੱਡੇ ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਟੀਮ ਦੇ ਅਹੁਦੇਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਘਈ ਤੇ ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 299 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਨਸ਼ਾ ਛੁਡਾਊ ਕੇਂਦਰਾਂ ’ਚ ਮਿਲਦੀ ਦਵਾਈਆਂ ਦੀ ਦੁਰਵਰਤੋਂ ਰੋਕਣ ਦਾ ਹੁਕਮ