ਅੰਮ੍ਰਿਤਸਰ: ਅਪਣੀਆਂ ਸਜ਼ਾਵਾਂ ਨੂੰ ਪੂਰੀਆਂ ਕਰਨ ਤੋਂ ਬਾਅਦ ਵੀਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਚੁੱਕੀ ਹੈ। ਇਹ ਸਾਰੇ ਪ੍ਰਫਾਰਮੇ 27 ਅਪ੍ਰੈਲ ਯਾਨੀ ਵੀਰਵਾਰ ਨੂੰ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।
SGPC ਦੇ ਪ੍ਰਧਾਨ ਦੀ ਅਗਵਾਈ ਹੇਠ ਚਾਰ ਮੈਂਬਰੀ ਵਫ਼ਦ ਜਾਵੇਗਾ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 27 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਸਪੁਰਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਵਰਨਰ ਬਨਵਾਰੀਲਾਲ ਪੁਰੋਹਿਤ ਕੋਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਫ਼ਦ ਜਾਵੇਗਾ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗ੍ਰੇਵਾਲ ਸ਼ਾਮਲ ਹੋਣਗੇ।
ਜਾਣ ਤੋਂ ਪਹਿਲਾਂ ਪੰਥਕ ਇੱਕਠ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਹੀ ਸਵੇਰੇ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ। ਇਸ ਪੰਥਕ ਇਕੱਠ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਣਗੇ।
ਕੌਣ ਹਨ ਬੰਦੀ ਸਿੰਘ : ਬੰਦੀ ਸਿੰਘ ਉਨ੍ਹਾਂ ਸਿੱਖ ਕੈਦੀਆਂ ਦਾ ਹਵਾਲਾ ਦਿੰਦਾ ਹੈ ਜਿਨ੍ਹਾਂ ਨੂੰ ਪੰਜਾਬ ਦੇ ਖਾੜਕੂਵਾਦ ਵਿਚ ਸ਼ਾਮਲ ਹੋਣ ਲਈ ਸਜ਼ਾ ਹੋਈ ਸੀ। ਅੱਜ ਵੀ ਕਈ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਜਦੋਂ ਤੋਂ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਪੰਜਾਬ ਵਿੱਚੋਂ ਅੱਤਵਾਦ ਦਾ ਖਾਤਮਾ ਹੋਇਆ ਹੈ, ਉਦੋਂ ਤੋਂ ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਪਿੱਛੇ ਤਰਕ ਇਹ ਹੈ ਕਿ ਇਹ ਕੈਦੀ ਪਿਛਲੇ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, ਇਨ੍ਹਾਂ ਵਿੱਚੋਂ ਕਈ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਕਰਕੇ ਇਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਦਾ ਅਹਿਮ ਮੁੱਦਾ: ਬੰਦੀ ਸਿੱਖ ਪੰਜਾਬ ਦਾ ਅਹਿਮ ਮੁੱਦਾ ਹੈ। ਇਹ ਇੱਕ ਧਾਰਮਿਕ ਅਤੇ ਸਿਆਸੀ ਮੁੱਦਾ ਬਣਦਾ ਜਾ ਰਿਹਾ ਹੈ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਸਾਲ ਨਵੰਬਰ ਵਿੱਚ ਇੱਕ ਵੱਡੇ ਪੱਧਰ ’ਤੇ ਦਸਤਖ਼ਤ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ। ਹੁਣ ਮੁੜ ਕਮੇਟੀ ਸਰਗਰਮ ਹੋ ਗਈ ਹੈ ਅਤੇ ਵੱਡੇ ਪੱਧਰ ’ਤੇ ਦਸਤਖ਼ਤ ਮੁਹਿੰਮ ਚਲਾ ਚੁੱਕੀ ਹੈ। ਭਾਜਪਾ ਵੀ ਇਸ ਮੰਗ ਦੇ ਹੱਕ 'ਚ ਰਹੀ ਹੈ। ਫ਼ਰਵਰੀ 2022 ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਕੇਂਦਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਬਠਿੰਡਾ ਫੇਰੀ ਦੌਰਾਨ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਵਾਲੇ ਇੱਕ ਫਾਰਮ 'ਤੇ ਦਸਤਖ਼ਤ ਵੀ ਕੀਤੇ ਸਨ।
ਇਹ ਵੀ ਪੜ੍ਹੋ: Amritpal Arrest: ਐਸਜੀਪੀਸੀ ਮੈਂਬਰ ਸਿਆਲਕਾ ਨੇ ਕਿਹਾ, ਜਲਦ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਨਾਲ ਕਰਾਂਗੇ ਮੁਲਾਕਾਤ