ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ 18 ਅਪ੍ਰੈਲ ਦੀ ਮਹਾਂਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ਤੇ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨਾਂ ਉੱਪਰ ਮਜ਼ਦੂਰਾਂ ਨੂੰ ਨਸ਼ਾ ਦੇ ਕੇ ਕੰਮ ਕਰਵਾਉਣ ਦੇ ਗੰਭੀਰ ਦੋਸ਼ ਲਾਉਣੇ ਬੁਖਲਾਹਟ ਦੀ ਨਿਸ਼ਾਨੀ ਹੈ।
ਕਿਸਾਨਾਂ ਵੱਲੋ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਥਾਂ ਕਿਸਾਨਾਂ ਵਿਰੁੱਧ ਘਟੀਆ ਬਿਆਨਬਾਜ਼ੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕ ਰਹੀ ਹੈ ਤੇ ਕਿਸਾਨਾਂ ਮਜ਼ਦੂਰਾਂ ਦੇ ਏਕੇ ਤੋ ਘਬਰਾ ਕੇ ਕਿਸਾਨਾਂ ਉੱਤੇ ਇਲਜ਼ਾਮ ਲਗਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆ ਕੋਝੀਆਂ ਚਾਲਾਂ ਅੰਦੋਲਨ ਨੂੰ ਕਦੇ ਵੀ ਮੱਠਾ ਨਹੀਂ ਪਾ ਸਕਦੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 18 ਅਪ੍ਰੈਲ ਦੀ ਦਾਣਾ ਮੰਡੀ ਭਗਤਾਂ ਵਾਲਾ ਅੰਮ੍ਰਿਤਸਰ ਵਿਖੇ ਹੋਣ ਵਾਲੀ ਮਹਾਂ ਰੈਲੀ ਕੇਂਦਰ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ।