ਅੰਮ੍ਰਿਤਸਰ: ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਇੱਕ ਅੰਗ ਬਣ ਕੇ ਜੀਵਨ ਬਤੀਤ ਕਰਨ ਵਾਲੇ ਸਿੱਖ ਪੰਥ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਪ੍ਰਕਾਸ਼ ਪੂਰਬ ਹੈ। ਇਸ ਮੌਕੇ ਸੰਗਤਾਂ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਨਜ਼ਦੀਕੀ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਦੀ ਡੁੱਬਕੀ ਲਗਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ।
ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੀ ਵਧਾਈ: ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਕੀਤੀ ਜਾ ਰਹੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਦੇਸ਼-ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਨੂੰ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਬਾਰੇ ਵਿਚਾਰ ਵੀ ਦਿੱਤੇ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੇ ਗੁਰੂ ਸਾਹਿਬ ਵੱਲੋਂ ਦਰਸ਼ਾਏ ਗਏ ਮਾਰਗ ਉੱਤੇ ਸੰਗਤ ਨੂੰ ਚੱਲਣ ਦੀ ਅਪੀਲ ਕੀਤੀ।
ਅਲੌਕਿਕ ਆਤਿਸ਼ਬਾਜ਼ੀ: ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਪਹੁੰਚ ਜਾਂਦੀਆਂ ਹਨ ਅਤੇ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਸੰਗਤਾਂ ਵੱਲੋਂ ਹਾਜ਼ਰੀ ਭਰੀ ਜਾਂਦੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਤਿਸ਼ਬਾਜ਼ੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕੀਤੀ ਜਾਂਦੀ ਹੈ। ਇਸ ਅਲੌਕਿਕ ਨਜ਼ਾਰੇ ਨੂੰ ਵੇਖਣ ਲਈ ਸੰਗਤਾਂ ਦੂਰ-ਦਰਾਡਿਓਂ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੀ ਹੈ।
ਸਰਬੱਤ ਦੇ ਭਲੇ ਦੀ ਅਰਦਾਸ : ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਅਤੇ ਗੁਰਬਾਣੀ ਦੀ ਸੰਭਾਲ ਕੀਤੀ। ਇਸ ਲਈ ਜਿਥੇ ਅੱਜ ਦਾ ਦਿਹਾੜਾ ਵਿਸ਼ਵ ਭਰ ਵਿੱਚ ਮੌਜੂਦ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਮਨਾਇਆ ਜਾ ਰਿਹਾ ਹੈ। ਦੂਜੇ ਪਾਸੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਇਹ ਵੀ ਪੜ੍ਹੋ: Guru Angad Dev Ji: ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਸੰਗਤ