ਅੰਮ੍ਰਿਤਸਰ: ਦੇਸ਼ ਭਰ ਵਿੱਚ ਜਿੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਉੱਥੇ ਹੀ ਪਿੰਡ ਸੁਧਾਰ ਰਾਜਪੂਤਾਂ ਵਿੱਚ ਸਮਾਜ ਸੇਵੀ ਸੰਸਥਾ ਵਲੋਂ ਵੱਖਰੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ ਰਜਿ ਆਲ ਇੰਡੀਆ ਦੇ ਪ੍ਰਧਾਨ ਨਵਤੇਜ ਸਿੰਘ ਸੁਧਾਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਬੱਚਿਆਂ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਹਨ।
ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦੇ ਤਹਿਤ ਉਨ੍ਹਾਂ ਵਲੋਂ ਸੂਬੇ ਭਰ ਦੇ ਕੋਨੇ ਕੋਨੇ ਵਿੱਚ ਜਾ ਕੇ ਨਸ਼ਿਆਂ ਖਿਲਾਫ ਪ੍ਰਦਰਸ਼ਨੀ ਲਗਾਉਣ ਤੋਂ ਇਲਾਵਾ ਇਸ਼ਤਿਹਾਰ ਵੰਡ ਕੇ ਨਸ਼ਿਆਂ ਖਿਲਾਫ ਪ੍ਰਚਾਰ ਕੀਤਾ ਜਾਂਦਾ ਹੈ। ਉਨ੍ਹਾਂ ਦੁਆਰਾ ਅੱਜ ਵੀ ਇਸੇ ਤਹਿਤ ਉਕਤ ਪ੍ਰੋਗਰਾਮ ਕੀਤਾ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
ਜਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪ੍ਰਧਾਨ ਨਵਤੇਜ ਸੁਧਾਰ ਨੂੰ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਨਮਾਨਿਤ ਕਰ ਹੌਂਸਲਾ ਅਫਜਾਈ ਕੀਤੀ ਜਾਂਦੀ ਰਹੀ ਹੈ ਅਤੇ ਉਨ੍ਹਾਂ ਦਾ ਸਮੂਹ ਪਰਿਵਾਰ ਵੀ ਇਸ ਮੁਹਿੰਮ ਲਈ ਵਿਸ਼ੇਸ਼ ਯੋਗਦਾਨ ਪਾਉਂਦਾ ਹੈ।
ਇਹ ਵੀ ਪੜ੍ਹੋ: ਬੀਤੀ ਰਾਤ ਤੋਂ ਹੋ ਰਹੀ ਬਰਸਾਤ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਦਾ ਕੀਤਾ ਨੁਕਸਾਨ