ਅੰਮ੍ਰਿਤਸਰ: ਪੰਜਾਬ ਸਰਕਾਰ ਨੂੰ ਤਕਰੀਬਨ 4 ਸਾਲ ਹੋ ਚੁੱਕੇ ਹਨ ਪਰ ਕਿਸੇ ਵੀ ਤਰ੍ਹਾਂ ਦਾ ਕੰਮ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਇਹ ਕਹਿਣਾ ਹੈ ਸਮਾਜ ਸੇਵੀ ਸੰਸਥਾਵਾਂ ਦਾ। ਜੀ ਹਾਂ, ਅੰਮ੍ਰਿਤਸਰ ਦੇ ਵਿੱਚ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਪੱਤਰਕਾਰ ਵਾਰਤਾ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਡਿਵੈਲਪਮੈਂਟ ਦਾ ਕੰਮ ਨਹੀਂ ਕੀਤਾ ਜਾ ਰਿਹਾ। ਉਥੇ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬੀਆਰਟੀਐਸ ਪ੍ਰਾਜੈਕਟ ਦੇ ਦੌਰਾਨ ਅੰਮ੍ਰਿਤਸਰ ਲੋਕਲ ਬੱਸ ਦਾ ਕੰਮ ਬੰਦ ਕੀਤਾ ਗਿਆ ਸੀ, ਜਿਸ ਨੂੰ ਦੁਬਾਰਾ ਸ਼ੁਰੂਆਤ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਨਵਜੋਤ ਸਿੰਘ ਸਿੱਧੂ ਦਾ ਡਰੀਮ ਪ੍ਰੋਜੈਕਟ ਸੀ ਕਿ ਅੰਮ੍ਰਿਤਸਰ ਸ਼ਹਿਰ ਨੂੰ ਨਿੱਕੇ-ਨਿੱਕੇ ਕਸਬਿਆਂ ਦੇ ਨਾਲ ਇਸ ਪ੍ਰਾਜੈਕਟ ਰਾਹੀਂ ਜੋੜਿਆ ਜਾ ਸਕਦਾ ਹੈ। ਉੱਥੇ ਹੀ ਹੈਰੀਟੇਜ਼ ਸਟ੍ਰੀਟ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਸ ਉੱਤੇ ਕੇਵਲ ਰਾਜਨੀਤੀ ਕੀਤੀ ਜਾ ਰਹੀ ਹੈ ਹੋਰ ਕੁਝ ਨਹੀਂ। ਜਦਕਿ ਕਰੋੜਾਂ ਰੁਪਏ ਜੋ ਕਿ ਪੰਜਾਬ ਦੇ ਲੋਕਾਂ ਦੇ ਹਨ, ਉਨ੍ਹਾਂ ਦੇ ਪੈਸੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ।
ਜੰਡਿਆਲਾ ਗੁਰੂ ’ਚ ਧਰਨੇ ’ਤੇ ਬੈਠੇ ਕਿਸਾਨਾਂ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਸਨ ਪਰ ਕਿਸਾਨ ਵੱਲੋਂ ਰੇਲਵੇ ਟਰੈਕਾਂ ’ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ, ਜਿਸ ਕਾਰਨ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਹੀਂ ਪਹੁੰਚ ਸਕਦੇ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰੇਕ ਜਗ੍ਹਾ ਉੱਤੇ ਕਿਸਾਨ ਰੇਲ ਪੱਟੜੀਆਂ ਤੋਂ ਉੱਠ ਚੁੱਕੇ ਹਨ ਲੇਕਿਨ ਕਿਸਾਨਾਂ ਵੱਲੋਂ ਜੰਡਿਆਲਾ ਗੁਰੂ ’ਚ ਰੇਲਵੇ ਟਰੈਕ ਖ਼ਾਲੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ-ਕੱਟੜਾ ਐਕਸਪ੍ਰੈਸ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ।