ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ, ਜਿਸ ਦਾ ਮੁੱਖ ਕਾਰਨ ਲੋਕਾਂ ਵੱਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨਾ ਹੈ। ਲੋਕ ਫਿਰ ਬਿਨਾਂ ਮਾਸਕ ਤੋਂ ਘੁੰਮ ਫਿਰ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਦੱਸਿਆ ਕਿ ਪੰਜਾਬ ਨੇ ਅੱਜ ਕੋਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਮੈਡੀਕਲ ਕਾਲਜ ਵਿੱਚ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਮੰਤਰੀ ਸੋਨੀ ਨੇ ਕਿਹਾ ਕਿ ਕੋਰੋਨਾ ਫਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ, ਜੋ ਕਿ ਬੜਾ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਘਬਰਾਉਣ ਦੀ ਲੋੜ ਨਹੀਂ, ਇਹਤਿਆਤ ਵਰਤਣ ਦੀ ਜ਼ਰੂਰਤ ਹੈ।
ਉਨ੍ਹਾਂ ਸਹਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਰੋਨਾ ਨੂੰ ਲੈ ਕੇ ਆਪਣੇ ਬੁਨਿਆਦੀ ਢਾਂਚੇ ਨੂੰ ਚੁਸਤ-ਦਰੁਸਤ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਭੀੜ-ਭੜੱਕੇ ਵਾਲੀ ਥਾਂ 'ਤੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਖਿਲਾਫ਼ ਜੁਰਮਾਨੇ ਕਰਨ ਦੇ ਸੰਕੇਤ ਵੀ ਦਿੱਤੇ ਤੇ ਉਨ੍ਹਾਂ ਦੇ ਕੋਵਿਡ 19 ਟੈਸਟ ਕਰਵਾਉਣ ਬਾਰੇ ਵੀ ਕਿਹਾ।
ਉਨ੍ਹਾਂ ਕਿਹਾ ਜਿਹੜੇ ਦੁਕਾਨਦਾਰ ਖੁਦ ਮਾਸਕ ਨਹੀਂ ਪਾਉਂਦੇ ਤੇ ਆਉਣ ਵਾਲੇ ਗ੍ਰਾਹਕਾਂ ਨੂੰ ਬਿਨਾਂ ਮਾਸਕ ਤੋਂ ਦੁਕਾਨ ਅੰਦਰ ਦਾਖ਼ਲ ਹੋਣ ਦਿੰਦੇ ਹਨ ਉਨ੍ਹਾਂ ਦੇ ਵੀ ਟੈਸਟ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਵੈਕਸੀਨ ਪੁਰੀ ਤਰ੍ਹਾਂ ਸੁਰੱਖਿਅਤ ਹੈ ਤੇ ਉਨ੍ਹਾਂ ਖੁਦ ਵੀ ਵੈਕਸੀਨ ਲਗਵਾਈ ਹੈ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਵੀ ਵੈਕਸੀਨ ਲਗਵਾਈ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੋ।