ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲੇ ਕਾਨੂੰਨ ਨੂੰ ਰੱਦ ਕਰਨ ਲਈ ਕਿਸਾਨ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਠੰਢ ਵਿੱਚ ਅੰਦੋਲਨ ਕਰ ਰਹੇ ਹਨ। ਅਜਿਹੇ 'ਚ 26 ਜਨਵਰੀ ਨੂੰ ਟਰੈਕਟਰ ਮਾਰਚ ਦੀਆਂ ਤਿਆਰੀਆਂ ਸੂਬੇ ਭਰ 'ਚ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਅੱਜ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਪੰਡੋਰੀ ਤੋਂ ਇੱਕ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਸੈਂਕੜੇ ਟਰੈਕਟਰਾਂ ਨਾਲ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਰਿਹਸਲ ਕੀਤੀ। ਇਸ ਨੂੰ 26 ਜਨਵਰੀ ਪਰੇਡ ਦਾ ਟ੍ਰੇਲਰ ਦੱਸਿਆ ਜਾ ਰਿਹਾ ਹੈ।
ਕਾਨੂੰਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਹ ਇੱਕ ਟ੍ਰੇਲਰ ਹੈ, ਜਦੋਂ ਉਹ 22-23 ਨੂੰ ਦਿੱਲੀ ਵੱਲ ਨੂੰ ਕੂਚ ਕਰਨਗੇ ਤਾਂ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਰਵਾਨਾ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਨੋਰਥ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਨਹੀਂ, ਉਨ੍ਹਾਂ ਦਾ ਉਦੇਸ਼ ਸਿਰਫ਼ ਉਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੈ ਜੋ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਅਤੇ ਬਿਨਾਂ ਵਜ੍ਹਾ ਕਿਸਾਨਾਂ 'ਤੇ ਥੋਪੇ ਜਾ ਰਹੇ ਹਨ।