ਅੰਮ੍ਰਿਤਸਰ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਤ੍ਰਿਪਤ ਰਜਿੰਦਰ ਬਾਜਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਪ੍ਰਸਾਰਣ ਸਿਰਫ਼ ਪੀਟੀਸੀ ਨੂੰ ਹੀ ਨਾ ਦਿੱਤਾ ਜਾਵੇ।
ਬਾਜਵਾ ਨੇ ਕਿਹਾ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੇ ਕੇਵਲ ਪੀਟੀਸੀ ਚੈਨਲ ਕੋਲ ਹੀ ਅਧਿਕਾਰ ਹਨ, ਤੇ ਹੋਰ ਵੀ ਕਈ ਚੈੱਨਲ ਇਸ ਦਾ ਪ੍ਰਸਾਰਣ ਦੁਨੀਆਂ ਨੂੰ ਵਿਖਾਉਣਾ ਚਾਹੁੰਦੇ ਹਨ। ਇਸ ਸਬੰਧੀ ਉਨ੍ਹਾਂ ਨੂੰ ਵੀ ਇਸਦਾ ਅਧਿਕਾਰ ਦਿੱਤਾ ਜਾਵੇ। ਉੱਥੇ ਹੀ ਜਥੇਦਾਰ ਨੇ ਜਵਾਬ ਵਿੱਚ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ।
ਇਸ ਦੌਰਾਨ ਕੈਬਿਨੇਟ ਮੰਤਰੀ ਬਾਜਵਾ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਅਜਨਾਲਾ ਪਰਿਵਾਰ ਦੀ ਅਕਾਲੀ ਦਲ ਵਿੱਚ ਮੁੜ ਵਾਪਸੀ ਨੂੰ ਲੈ ਕੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਰਤਨ ਸਿੰਘ ਅਜਨਾਲਾ ਤੇ ਬੋਨੀ ਅਜਨਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਖੜ੍ਹੇ ਹੋ ਕੇ ਨਵੇਂ ਅਕਾਲੀ ਦਲ ਨੂੰ ਸਫ਼ਲ ਬਨਾਉਣ ਦਾ ਆਸ਼ੀਰਵਾਦ ਲਿਆ ਸੀ ਪਰ ਲੱਗਦਾ ਹੈ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦਾ ਕੋਈ ਡਰ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਦਲ ਦੀ ਰੋਸ ਰੈਲੀ ਨੂੰ ਲੈ ਕੇ ਵੀ ਬਾਦਲ ਪਰਿਵਾਰ ਨੂੰ ਘੇਰਿਆ।