ਅੰਮ੍ਰਿਤਸਰ: ਇੰਟਰਨੈਸ਼ਨਲ ਸਿੱਖ ਕੌਂਸਲ ਦੀ ਪ੍ਰਧਾਨ ਬੀਬੀ ਤਰਵਿੰਦਰ ਕੌਰ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਅਕਾਲ ਤਖ਼ਤ ਸਕੱਤਰੇਤ ਵਿਖੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸਿੱਖ ਵਿਰੋਧੀ ਕਾਰਵਾਈਆਂ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਤਰਵਿੰਦਰ ਕੌਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਿੱਖ ਸਿਧਾਂਤਾਂ ਦੇ ਖਿਲਾਫ਼ ਜਾ ਕੇ ਕਈ ਕੰਮ ਕੀਤੇ, ਜਿਸ ਕਰਕੇ ਸੰਗਤਾਂ ਨਿਰਾਸ਼ ਹਨ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਪਹਿਲਾਂ ਬਹਿਬਲ ਗੋਲੀ ਕਾਂਡ ਕਰਵਾਇਆ, ਉੱਥੇ ਹੀ ਸਿੱਖ ਕੌਮ ਦੇ ਜਜ਼ਬਾਤਾਂ ਖਿਲਾਫ਼ ਜਾਣ ਵਾਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿਵਾਈ ਅਤੇ ਹੁਣ ਨਵੀਂ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੁਸ਼ਾਕ ਦੀ ਹੂਬਹੂ ਪੁਸ਼ਾਕ ਸੁਖਬੀਰ ਬਾਦਲ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਭੇਜੀ ਗਈ ਸੀ।
ਤਰਵਿੰਦਰ ਕੌਰ ਨੇ ਕਿਹਾ ਕਿ ਸਮੂਹ ਸਿੱਖ ਸੰਗਤਾਂ ਅਤੇ ਇੰਟਰਨੈਸ਼ਨਲ ਸਿੱਖ ਕੌਂਸਲ ਵੱਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਸਿੱਖ ਪੰਥ ਦੇ ਦੋਸ਼ੀ ਸੁਖਬੀਰ ਸਿੰਘ ਬਾਦਲ ਦੇ ਦੋਸ਼ਾਂ ਦੀ ਜਾਂਚ ਕਰਕੇ ਉਸ ਨੂੰ ਸਜ਼ਾ ਦਿੱਤੀ ਜਾਵੇ ਤੇ ਇਸ ਨੂੰ ਪੰਥ ਚੋਂ ਛੇਕਿਆ ਜਾਵੇ।