ਅੰਮ੍ਰਿਤਸਰ: ਪੰਜਾਬ ਸਰਕਾਰ ਤੋਂ ਪਿਛਲੇ 4 ਸਾਲਾਂ ਤੋਂ ਰੁਜ਼ਗਾਰ ਲਈ ਬੀ.ਐੱਡ, ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤਰਸਦੇ ਆ ਰਹੇ ਹਨ। ਸਰਕਾਰ ਦੇ ਕਾਰਜਕਾਲ ਦੌਰਾਨ ਹਾਲੇ ਤੱਕ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ ਗਈ ਹੈ। ਇਸ ਲਈ ਬੇਰੁਜ਼ਗਾਰਾਂ ਵੱਲੋਂ ਲਗਾਤਾਰ ਸੰਘਰਸ਼ ਵੀ ਕੀਤੇ ਜਾ ਚੁੱਕੇ ਹਨ। ਪਰ ਸੰਘਰਸ਼ ਵੀ ਹੁਣ ਭਰੋਸਿਆਂ ਤੱਕ ਹੀ ਸੀਮਿਤ ਹੋ ਕੇ ਰਹਿ ਗਏ ਹਨ। ਜਿਸ ਕਾਰਨ ਬੇਰੁਜ਼ਗਾਰਾਂ ਨੂੰ ਆਰਥਿਕ ਤੌਰ 'ਤੇ ਹੀ ਨਹੀਂ, ਹੁਣ ਮਾਨਸਿਕ ਤੌਰ 'ਤੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿਸ ਦੇ ਚੱਲਦੇ ਅੰਮ੍ਰਿਤਸਰ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਘਰ ਬਾਹਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਸੀ ਕਿ ਐੱਸ ਐੱਸ ਟੀ, ਪੰਜਾਬੀ ਹਿੰਦੀ ਦੀਆਂ 9 ਹਜ਼ਾਰ ਪੋਸਟਾਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਲਗਭਗ 4 ਸਾਲ ਦਾ ਸਮਾਂ ਹੋ ਚੁੱਕਾ ਹੈ। ਉਨ੍ਹਾਂ ਵੱਲੋਂ ਲਗਾਤਾਰ ਹੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਕੋਈ ਵੀ ਸਾਰ ਲੈਣ ਨੂੰ ਤਿਆਰ ਨਹੀਂ ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ 842 ਪੋਸਟਾਂ ਪੰਜਾਬੀ ਦੀਆਂ ਕੱਢੀਆਂ ਗਈਆਂ।
ਪਰ ਦੂਜੇ ਪਾਸੇ ਪੰਜਾਬ ਦੀ ਗੱਲ ਕਰੀਏ ਤਾਂ 4 ਸਾਲਾਂ ਵਿੱਚ ਕਾਂਗਰਸ ਸਰਕਾਰ ਵੱਲੋਂ 62 ਪੋਸਟਾਂ ਹੀ ਪੰਜਾਬੀ ਦੀਆਂ ਕੱਢੀਆਂ ਗਈਆਂ ਜੋ ਕਿ ਪੰਜਾਬ ਨਾਲ ਵਿਤਕਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਹੈ ਅਤੇ ਪੰਜਾਬ ਵਿੱਚ ਹੀ ਪੰਜਾਬੀ ਨੂੰ ਪਿੱਛੇ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕੁੱਝ ਅਧਿਆਪਕਾਂ ਦੀ ਤਾਂ ਹੁਣ ਉਮਰ ਵੀ ਓਵਰਏਜ ਹੋ ਗਈ ਹੈ। ਪਰ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਵੱਲੋਂ ਵੱਖ ਵੱਖ ਸਮੇਂ 'ਤੇ ਵੱਖ ਵੱਖ ਤਰ੍ਹਾਂ ਦੇ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ। ਲੇਕਿਨ ਹੁਣ ਅਗਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਸਰਕਾਰ ਦਾ ਵਿਰੋਧ ਕਰਨਗੇ।
ਇਹ ਵੀ ਪੜ੍ਹੋ:-ਖੇਤੀ ਕਾਨੂੰਨਾਂ ‘ਤੇ ਕੈਪਟਨ ਦਾ ਸੁਖਬੀਰ ਨੂੰ ਠੋਕਵਾਂ ਜਵਾਬ