ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਵੇਰਕਾ ਦੇ ਵਾਸੀਆਂ ਨੇ ਪ੍ਰਸ਼ਾਸਨ ਨੂੰ ਬੀਤੇ ਦਿਨ ਭਾਈ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਸੀ। ਭਾਈ ਨਿਰਮਲ ਸਿੰਘ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਸਨ। ਉਨ੍ਹਾਂ ਦਾ ਵੀਰਵਾਰ ਤੜਕਸਾਰ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।
ਪਿੰਡ ਵਾਸੀਆਂ ਨੇ ਸ਼ਮਸ਼ਾਨਘਾਟ ’ਚ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ। ਉਨ੍ਹਾਂ ਸਭ ਨੂੰ ਇਹ ਡਰ ਸੀ ਕਿ ਕਿਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਉਨ੍ਹਾਂ ਦੇ ਪਿੰਡ ’ਚ ਨਾ ਫੈਲ ਜਾਵੇ। ਫਿਰ ਪਿੰਡ ਦੀ ਸ਼ਾਮਲਾਟ ’ਤੇ ਭਾਈ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ।
ਹਰ ਕਿਸੇ ਨੇ ਪਿੰਡ ਵਾਲਿਆਂ ਦੀ ਇਸ ਹਰਕਤ ਦੀ ਨਿਖੇਧੀ ਕੀਤੀ। ਬਾਅਦ ਵਿੱਚ ਸ਼ਾਮ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਪਿੰਡ ਵਾਸੀਆਂ ਨੂੰ ਆਪਣੀ ਗ਼ਲਤੀ ਦਾ ਪਛਤਾਵਾ ਹੈ ਤੇ ਉਨ੍ਹਾਂ ਨੇ ਅੰਤਿਮ ਸਸਕਾਰ ਵਾਲੀ ਥਾਂ ਉੱਤੇ ਇੱਕ ਯਾਦਗਾਰ ਉਸਾਰਨ ਦਾ ਫ਼ੈਸਲਾ ਕੀਤਾ ਹੈ।