ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ ਜਿਸ ਕਾਰਨ ਦਿਹਾੜੀਦਾਰਾਂ ਨੂੰ ਕਾਫ਼ੀ ਸਮੱਸਿਆਵਾਂ ਹੋ ਰਹੀਆਂ ਹਨ। ਪੰਜਾਬ ਦੀਆਂ ਕੁਝ ਕੁ ਸਮਾਜਿਕ ਸੰਸਥਾਵਾਂ ਇਸ ਮੌਕੇ ਕਾਫੀ ਮਦਦ ਕਰ ਰਹੀਆਂ ਹਨ।
ਲੰਮੇ ਸਮੇਂ ਤੋਂ ਦੇਸ਼ ਵਿਦੇਸ਼ ਵਿੱਚ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਕਾਰ ਸੇਵਾ ਕਰਨ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਲੌਕਡਾਉਨ ਦੌਰਾਨ ਲੰਗਰ ਦੀ ਸੇਵਾ ਕੀਤੀ ਗਈ।
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੌਕਡਾਉਨ ਕਰਕੇ ਲੋਕਾਂ ਨੂੰ ਲੰਗਰ ਦੀ ਜ਼ਰੂਰਤ ਹੈ, ਉਨ੍ਹਾਂ ਵੱਲੋਂ ਪਹਿਲੇ 10 ਦਿਨ ਤਾਂ ਲੰਗਰ ਪਕਾ ਕੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਪਰ ਹੁਣ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਸੰਜਮ ਨਾਲ ਹੀ ਲੰਗਰ ਵਰਤਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਰੋਜ਼ਾਨਾ 500-600 ਬੰਦਿਆਂ ਨੂੰ ਪ੍ਰਸ਼ਾਦਾ ਛਕਾਇਆ ਜਾਂਦਾ ਸੀ ਅਤੇ ਉਨ੍ਹਾਂ ਦੀਆਂ ਗੱਡੀਆਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਉੱਤੇ ਜਾ ਕੇ ਲੋਕਾਂ ਨੂੰ ਲੰਗਰ ਮੁਹੱਈਆ ਕਰਵਾਉਂਦੀਆਂ ਸਨ।