ਅੰਮ੍ਰਿਤਸਰ: ਕੋਰੋਨਾ ਦਾ ਕਹਿਰ ਪੂਰੇ ਜਗਤ ਨੂੰ ਆਪਣੇ ਲਪੇਟੇ ਵਿੱਚ ਲੈ ਰਿਹਾ ਹੈ ਅਤੇ ਪੰਜਾਬ ਵਿੱਚ ਵੀ ਲਗਾਤਾਰ ਇਹ ਵਾਇਰਸ ਪੈਰ ਪਸਾਰ ਰਿਹਾ ਹੈ। ਇਸ ਦੇ ਚੱਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ੍ਰੀ ਪੁਰਸਕਾਰ ਜੇਤੂ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਕੇ ਵੀਰਵਾਰ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ।
ਉਨ੍ਹਾਂ ਦੀ ਮੌਤ ਤੋਂ ਬਾਅਦ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਕਿਉਂਕਿ ਉਹ ਵਿਸ਼ਵ ਪੱਧਰ 'ਤੇ ਨਾਮਣਾ ਖੱਟ ਚੁੱਕੇ ਸਨ ਅਤੇ ਉਨ੍ਹਾਂ ਦੀ ਆਵਾਜ਼ ਵਿੱਚ ਅੰਤਾਂ ਦਾ ਰਸ ਸੀ। ਭਾਈ ਨਿਰਮਲ ਸਿੰਘ ਖ਼ਾਲਸਾ ਦੀ ਹੋਈ ਮੌਤ ਸਬੰਧੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਭਾਈ ਨਿਰਮਲ ਸਿੰਘ ਦਾ ਚਲੇ ਜਾਣਾ ਸਮੂਹ ਜਗਤ ਅਤੇ ਸਿੱਖਾਂ ਲਈ ਮਾੜੀ ਖ਼ਬਰ ਹੈ ਕਿਉਂਕਿ ਅਜਿਹੀ ਸ਼ਖ਼ਸੀਅਤ ਕਦੇ-ਕਦੇ ਜਨਮ ਲੈਂਦੀ ਹੈ। ਉਨ੍ਹਾਂ ਦੀ ਮੌਤ ਨਾਲ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮੂਹਿਕ ਰੂਪ ਵਿੱਚ ਭਾਈ ਸਾਹਿਬ ਦੇ ਲਈ ਵਾਹਿਗੁਰੂ ਦੇ ਚਰਨਾ 'ਚ ਅਰਦਾਸ ਕਰਨੀ ਚਾਹੀਦੀ ਹੈ।