ਅੰਮ੍ਰਿਤਸਰ: ਦਿਨ ਪ੍ਰਤੀ ਦਿਨ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡਦੀਆਂ ਸਾਫ ਦਿਖਾਈ ਦੇ ਰਹੀਆਂ ਹਨ। ਲੋਕ ਕਿਸੇ ਮੁਸ਼ਕਲ ’ਚ ਹੋਣ ਤਾਂ ਆਪਣੀ ਫਰਿਆਦ ਲੈ ਕੇ ਪੁਲਿਸ ਅਧਿਕਾਰੀਆਂ ਕੋਲ ਜਾਂਦੇ ਹਨ ਪਰ ਜੇ ਪੁਲਿਸ ਹੀ ਲੋਕਾਂ ਵਾਸਤੇ ਖਲਨਾਇਕ ਬਣਕੇ ਸਾਹਮਣੇ ਆਵੇ ਤਾਂ ਲੋਕ ਕਿੱਧਰ ਜਾਣਗੇ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ’ਚ ਜਿੱਥੇ ਇੱਕ ਪੁਲਿਸ ਅਧਿਕਾਰੀ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਜਿਸ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਸੀ ਪਰ ਮੁਲਜ਼ਮ ਪੁਲਿਸ ਅਧਿਕਾਰੀ ਹੋਣ ਕਰਕੇ ਪੁਲਿਸ ਵੱਲੋਂ ਉਸ ’ਤੇ ਕੋਈ ਉਚਿਤ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸ਼ਰਾਬ ਦੇ ਨਸ਼ੇ ਵਿੱਚ ਉਨ੍ਹਾਂ ਦੀ ਦੁਕਾਨ ਦੇ ਅੱਗੋਂ ਗੁਜ਼ਰ ਰਿਹਾ ਸੀ ਤਾਂ ਉਸ ਨੇ ਸੰਜੇ ਆਨੰਦ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜੇ ਪੁਲਿਸ ਨੇ ਸਮੇਂ ਰਹਿੰਦੇ ਉਚਿਤ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਜਿਉਂਦਾ ਹੋਣਾ ਸੀ। ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਗਏ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼