ਅੰਮ੍ਰਿਤਸਰ: ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਛਿੱਡਣ ਸਾਡੀ ਜ਼ਮੀਨ ਵਿਚੋਂ ਧੱਕੇ ਨਾਲ ਲੰਘਦਾ ਸੀ, ਜਿਸਨੂੰ ਲੈ ਕੇ ਕੁਝ ਦਿਨ ਪਹਿਲਾਂ ਝਗੜਾ ਵੀ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਅੱਜ ਫਿਰ ਦੁਬਾਰਾ ਨਿਰਵੈਲ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਘਰ ਆਇਆ ਅਤੇ ਗਾਲੀ-ਗਲੋਚ ਕਰਨ ਲੱਗਾ। ਜਦੋਂ ਰੌਲਾ ਸੁਣ ਕੇ ਮੇਰੇ ਪੁੱਤਰ ਹਰਦੀਪ ਸਿੰਘ ਬਾਹਰ ਆਇਆ ਤਾਂ ਨਿਰਵੈਲ ਸਿੰਘ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਜਾਂਚ ਅਧਿਕਾਰੀ ਏਐਸਆਈ ਸਰਦੂਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਜਲਦ ਹੀ ਮੁਲਜ਼ਮਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।