ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ, ਜਦੋਂ ਕਿ ਕਥਿਤ ਦੋਸ਼ੀ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਇੱਕ ਸੂਚਨਾ ਮਿਲੀ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਨਾਕਾਬੰਦੀ ਕੀਤੀ ਤਾਂ ਇਸ ਦੌਰਾਨ ਪੁਲਿਸ ਨੇ ਇੱਕ ਨੌਜਵਾਨ ਨੂੰ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਦਕਿ ਮੌਕੇ ਤੋਂ ਇਸ ਦੇ ਦੋ ਸਾਥੀ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਕਥਿਤ ਦੋਸ਼ੀ ਦੀ ਪਛਾਣ ਨੀਰਜ ਭੱਟੀ ਵੱਜੋਂ ਹੋਈ ਹੈ। ਇਹ ਪਹਿਲਾਂ ਵੀ ਨਸ਼ਾ ਵੇਚਣ ਦਾ ਕੰਮ ਕਰਦਾ ਸੀ। ਕਥਿਤ ਦੋਸ਼ੀ ਅਨੰਦਗੜ੍ਹ ਇਲਾਕੇ ਦਾ ਰਹਿਣ ਵਾਲਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।