ਅੰਮ੍ਰਿਤਸਰ: ਸ਼ਹਿਰ ਦੇ ਪ੍ਰੇਮ ਨਗਰ ਇਲਾਕੇ ਦੇ ਰਵੀ ਨਾਂਅ ਦੇ ਨੌਜਵਾਨ ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਰਵੀ ਦੀ ਉਮਰ 18-19 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸ਼ਨੀਵਾਰ ਉਹ ਜਨਮ ਦਿਨ ਦੀ ਪਾਰਟੀ ਕਰਨ ਲਈ ਜਾ ਰਹੇ ਸੀ। ਉਥੇ ਰਵੀ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਕਿਸੇ ਨਾਲ ਝਗੜਾ ਹੋ ਗਿਆ। ਜਿਸ ਦੌਰਾਨ 2 ਵਿਅਕਤੀਆਂ ਨੇ ਉਨ੍ਹਾਂ 'ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਰਵੀ ਨੇ ਇਹ ਗੱਲ ਡਰਦੇ ਕਿਸੇ ਪਰਿਵਾਰਕ ਮੈਂਬਰ ਨੂੰ ਨਾ ਦੱਸੀ ਅਤੇ ਘਰ ਆ ਗਿਆ ਅਤੇ ਰਵੀ ਦੀ ਐਤਵਾਰ ਨੂੰ ਮੌਤ ਹੋ ਗਈ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਰਵੀ ਨੇ ਲੜਾਈ ਦੀ ਗੱਲ ਕਿਸੇ ਨੂੰ ਨਹੀਂ ਦੱਸੀ ਤਾਂ ਅਗਲੇ ਦਿਨ ਰਵੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਸਾਨੂੰ ਇਨਸਾਫ਼ ਮਿਲਣਾ ਚਾਹਿਦਾ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹਿਦੀ ਹੈ।
ਮੌਕੇ 'ਤੇ ਪਹੁੰਚੀ ਪੁਲਿਸ ਦੇ ਅਧਿਕਾਰੀ ਏਸੀਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਸਜਾ ਦਿੱਤੀ ਜਾਵੇਗੀ।