ਅੰਮ੍ਰਿਤਸਰ: ਇੰਦਰਾ ਕਾਲੋਨੀ ਦੇ ਵਾਸੀ ਅਮਰਜੀਤ ਸਿੰਘ ਨੇ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਜਾਣਕਾਰੀ ਦਿੰਦੇ ਹੋਏ ਅਮਰਜੀਤ ਸਿੰਘ ਤੇ ਵਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਦਾ ਬੀਤੇ ਕੁੱਝ ਸਮਾਂ ਪਹਿਲਾਂ ਇਲਾਕੇ ਦੇ ਹੀ ਇੱਕ ਨੌਜਵਾਨ ਨਾਲ ਝਗੜਾ ਹੋਇਆ ਸੀ। ਇਸ ਵਿੱਚ ਨੌਜਵਾਨ ਦੇ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਕਰਕੇ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਇਸੇ ਰੰਜਿਸ਼ ਤਹਿਤ ਉਸ ਨੌਜਵਾਨ ਨੇ ਅਣਪਛਾਤੇ ਵਿਅਕਤੀਆਂ ਨਾਲ ਬੀਤੀ ਰਾਤ ਨੂੰ ਉਨ੍ਹਾਂ ਦੇ ਘਰ ਆ ਕੇ ਇੱਟਾਂ, ਰੋੜਿਆਂ ਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਸਬੰਧਤ ਪੁਲਿਸ ਥਾਣੇ ਵਿਖੇ ਲਿਖਤੀ ਸ਼ਿਕਾਇਤ ਵੀ ਕੀਤੀ ਹੈ ਅਤੇ ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਵੀ ਪੁਲਿਸ ਨੂੰ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਨੌਜਵਾਨ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਨੌਜਵਾਨ ਵੱਲੋਂ ਇਲਾਕੇ ਦੇ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇ।
ਇਹ ਵੀ ਪੜ੍ਹੋ: ਪੀਐਮ ਮੋਦੀ ਅੱਜ IIT ਖੜਗਪੁਰ ਦੇ 66ਵੇਂ ਕਨਵੋਕੇਸ਼ਨ 'ਚ ਕਰਨਗੇ ਸੰਬੋਧਨ
ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐਸਆਈ ਅਮਰ ਸਿੰਘ ਨੇ ਕਿਹਾ ਕਿ ਅਮਨਦੀਪ ਸਿੰਘ ਤੇ ਇਲਾਕੇ ਦੇ ਹੀ ਨੌਜਵਾਨਾਂ ਦੇ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਹੈ। ਹਮਲਾਵਰਾਂ ਨੂੰ ਫੜਨ ਲਈ ਜਗ੍ਹਾ-ਜਗ੍ਹਾ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾਵਰਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।