ਬਰਨਾਲਾ: ਪਿੰਡ ਕਾਲੇਕੇ ਵਿੱਚ 15 ਸਾਲ ਪੁਰਾਣੇ ਜ਼ਮੀਨੀ ਵਿਵਾਦ ਦੇ ਚੱਲਦੇ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਸ ਜ਼ਮੀਨ ’ਤੇ ਉਹ ਪਿਛਲੇ 15 ਸਾਲਾਂ ਤੋਂ ਖੇਤੀ ਕਰਦੇ ਆ ਰਹੇ ਹਨ, ਉਸ ’ਤੇ ਦੂਜੀ ਧਿਰ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਦੋਂ ਉਨ੍ਹਾਂ ਨੂੰ ਰੋਕਣ ਲੱਗੇ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਨਾਲ ਉਨ੍ਹਾਂ ਦੇ ਇੱਕ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ, ਜਦੋਂਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੀੜਤ ਪਰਿਵਾਰ ਨੇ ਪੁਲਿਸ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਸਬੰਧੀ ਬਰਨਾਲਾ ਦੇ ਐਸਪੀ.ਡੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ 16 ਸਾਲ ਪਹਿਲਾਂ ਦੋਸ਼ੀਆਂ ਨੇ ਪੀੜਤਾਂ ਦੇ ਨਾਲ ਜ਼ਮੀਨ ਦਾ ਤਬਾਦਲਾ ਕੀਤਾ ਸੀ। ਪਰ ਹੁਣ ਜ਼ਮੀਨ ਦੇ ਰੇਟ ਵਧਣ ਕਾਰਨ ਦੋਸ਼ੀਆਂ ਦੇ ਮਨਾਂ ਵਿੱਚ ਬੇਈਮਾਨੀ ਆ ਗਈ ਅਤੇ ਅੱਜ ਦੋਸ਼ੀ ਧਿਰ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸਿਸ਼ ਕਰ ਰਹੀ ਸੀ। ਜਿਸ ਦੌਰਾਨ ਦੋਵੇਂ ਧਿਰਾਂ ਵਿੱਚ ਝਗੜਾ ਹੋ ਗਿਆ। ਅਸੀਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।