ਬਰਨਾਲਾ: ਕੇਂਦਰੀ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨ ਸੜਕਾਂ ਅਤੇ ਰੇਲ ਮਾਰਗਾਂ ਉੱਤੇ ਉੱਤਰ ਕੇ ਆਪਣਾ ਸੰਘਰਸ਼ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ 25 ਸਤੰਬਰ ਨੂੰ ਮੁਕੰਮਲ ਪੰਜਾਬ ਬੰਦ ਕੀਤੀ ਸੀ ਅਤੇ ਤਿੰਨ ਦਿਨਾਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲ ਰੋਕੋ ਅੰਦੋਲਨ ਵੀ ਚਲਾਇਆ ਗਿਆ। ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਨੇ ਅੱਜ ਇਸ ਅੰਦੋਲਨ ਦੀ ਸਮਾਪਤੀ ਕਰਦੇ ਹੋਏ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ।
ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਗਲੇ ਸੰਘਰਸ਼ ਵਿੱਚ ਉਹ ਪੰਜਾਬ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ 28 ਤਰੀਕ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣਗੇ ਫਿਰ ਉਹ ਪੰਜਾਬ ਵਿੱਚ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ। ਇਹ ਰੇਲ ਰੋਕੋ ਅੰਦੋਲਨ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਅਗਲੇ ਪ੍ਰੋਗਰਾਮ ਵਿੱਚ ਉਹ ਪੰਜਾਬ ਦੇ ਭਾਜਪਾ ਵਿਧਾਇਕ, ਵਜ਼ੀਰਾਂ ਦੇ ਘਰ ਦਾ ਘਿਰਾਓ ਵੀ ਕਰਨਗੇ।
ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਵਿੱਚ ਇਹ ਪ੍ਰਾਪਤੀ ਹੋਈ ਹੈ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ ਘਰਾਂ ਵਿੱਚੋਂ ਨਿਕਲ ਕੇ ਕਿਸਾਨੀ ਸੰਘਰਸ਼ਾਂ ਦੇ ਮੈਦਾਨ ਵਿੱਚ ਇਕਜੁੱਟ ਹੋਈਆਂ ਹਨ ਤੇ ਅੱਜ ਪੂਰਾ ਪੰਜਾਬ ਇੱਕ ਆਵਾਜ਼ ਬਣ ਕੇ ਸੰਘਰਸ਼ ਕਰ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਹੀ ਰਾਜਨੀਤਕ ਪਾਰਟੀ ਵੀ ਕਿਸਾਨਾਂ ਦੇ ਹੱਕ ਦੀ ਲੜਾਈ ਲੜ ਰਹੀਆਂ ਹਨ।
ਉਨ੍ਹਾਂ ਨੇ ਅਕਾਲੀ ਪਾਰਟੀ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਅੱਜ ਜਿਹੜਾ ਕਿਸਾਨਾਂ ਦੇ ਹੱਕ ਲਈ ਲੜ ਰਿਹਾ ਹੈ, ਜੇਕਰ ਅਕਾਲੀ ਦਲ ਪਹਿਲਾਂ ਹੀ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਦਾ ਤਾਂ ਕਿਸਾਨਾਂ ਨੂੰ ਅੱਜ ਇੰਝ ਨਾਲ ਲੜਣਾ ਨਾ ਪੈਂਦਾ। ਉਨ੍ਹਾਂ ਕਿਹਾ ਕਿ ਉਹ ਤਿੱਖੇ ਸੰਘਰਸ਼ ਨਾਲ ਕੇਂਦਰ ਦੀ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ।
ਇਹ ਵੀ ਪੜ੍ਹੋ:ਆਰਡੀਨੈਂਸ ਵਾਪਸ ਨਾ ਲਏ ਤਾਂ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵਾਂਗੇ: ਕਿਸਾਨ