ਬਰਨਾਲਾ : ਪੰਜਾਬ ਦੇ ਕਿਸਾਨ ਮੁੜ ਦਿੱਲੀ ਬਾਰਡਰਾਂ 'ਤੇ ਮੋਰਚੇ ਦੀ ਤਿਆਰੀ ਕਰ ਰਹੇ ਹਨ। ਜਿਸ ਤਹਿਤ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਸਿਲ-ਸਿਲੇ ਤਹਿਤ ਮੰਗਲਵਾਰ ਬਰਨਾਲਾ ਵਿਖੇ ਬੀਕੇਯੂ ਸਿੱਧੂਪੁਰ ਦੀ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਹੋਈ। ਇਹ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 11 ਦਸੰਬਰ ਨੂੰ ਦਿੱਲੀ ਦੇ ਸਿੰਘੂ ਬਾਰਡਰ 'ਤੇ ਕੀਤੇ ਜਾ ਰਹੇ ਵੱਡੇ ਇਕੱਠ ਨੂੰ ਲੈ ਕੇ ਕੀਤੀ ਗਈ।
11 ਦਸੰਬਰ ਨੂੰ ਸਿੰਘੂ ਬਾਰਡਰ ਵੱਲ ਕੂਚ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਉਤੇ 11 ਦਸੰਬਰ ਨੂੰ ਯੂਪੀ ਲਖੀਮਪੁਰ ਖੀਰੀ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸਿੰਘੂ ਬਾਰਡਰ ਦਿੱਲੀ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਦੀ ਮੀਟਿੰਗ ਵਿੱਚ ਵਿਚਾਰਾਂ ਹੋਈਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀਆਂ ਧੱਕੇਸ਼ਾਹੀਆਂ ਦਾ ਹਿਸਾਬ ਲੈਣ ਲਈ ਆਪਣਾ ਸੰਘਰਸ਼ ਸ਼ੁਰੂ ਕਰਨ ਜਾ ਰਹੇ ਹਾਂ।
ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਬਰਖਾਸਤ ਕਰਵਾਉਣਾ: ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਵਜਾਰਤ ਵਿੱਚੋਂ ਬਰਖਾਸਤ ਕਰਵਾਉਣਾ, ਐਮਐਸਪੀ ਗਾਰੰਟੀ ਕਾਨੂੰਨ ਦਾ ਵਾਅਦਾ ਪੂਰਾ ਕਰਵਾਉਣ, ਕਿਸਾਨਾਂ ਉਪਰ ਦਰਜ ਪਰਚੇ ਰੱਦ ਕਰਵਾਉਣ, ਖੇਤੀ ਕਾਨੂੰਨ ਦੇ ਸੰਘਰਸ਼ ਦਾ ਸਾਥ ਦੇਣ ਵਾਲੇ ਬਲੈਕ ਲਿਸਟ ਕੀਤੇ ਪ੍ਰਵਾਸੀ ਪੰਜਾਬੀਆਂ ਨੂੰ ਲਿਸਟਾਂ ਵਿਚੋਂ ਬਾਹਰ ਕਢਵਾਉਣਾ ਉਨ੍ਹਾਂ ਦੀਆਂ ਅਹਿਮ ਮੰਗਾਂ ਹਨ।
ਬਰਨਾਲਾ ਤੋਂ 1200 ਕਿਸਾਨ ਜਾਣਗੇ ਸਿੰਘੂ: ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਬਰਨਾਲਾ ਜ਼ਿਲ੍ਹੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਬਰਨਾਲਾ ਜ਼ਿਲ੍ਹੇ ਦੇ ਵਰਕਰਾਂ ਨੇ 1200 ਦੀ ਵੱਡੀ ਗਿਣਤੀ ਵਿਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਹੈ। ਉਥੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਦੀ ਜੱਥੇਬੰਦੀ ਨੇ ਕਿਸਾਨਾਂ ਦੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਲਗਾਇਆ ਗਿਆ ਸੀ। ਜਿਸ ਵਿੱਚ ਉਨ੍ਹਾਂ ਨੇ ਮਰਨ ਵਰਤ ਵੀ ਰੱਖਿਆ ਸੀ। ਜਥੇਬੰਦੀ ਦੇ ਇਸ ਮੋਰਚੇ ਨੂੰ ਬਦਨਾਮ ਕਰਨ ਦੀ ਵੱਡੀ ਕੋਸ਼ਿਸ਼ ਕੀਤੀ ਗਈ।
ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ: ਇਸ ਮੋਰਚੇ ਵਿਚ ਉਹਨਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਰੈਡ ਐਂਟਰੀਆਂ ਪਾਈਆਂ ਗਈਆਂ, ਲੰਪੀ ਸਕਿੰਟ ਨਾਲ ਮਰੀਆਂ ਗਾਵਾਂ ਦੇ ਮੁਆਵਜ਼ੇ, ਕੁਦਰਤੀ ਮਾਰ ਨਾਲ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ, ਗਾਵਾਂ ਦੇ ਨਾਮ ਤੇ ਸਰਕਾਰ ਟੈਕਸ ਲੈਣ ਦੇ ਬਾਵਜੂਦ ਅਵਾਰਾ ਪਸ਼ੂਆਂ ਦੇ ਹੱਲ ਵਰਗੀਆਂ ਅਨੇਕਾਂ ਮੰਗਾਂ ਸਨ। ਇਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਹਨ ਪਰ ਉਹਨਾਂ ਨੂੰ ਬਿਨਾਂ ਵਜ੍ਹਾ ਉਹਨਾਂ ਦੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਵੀ ਮੰਗਲਵਾਰ ਜੱਥੇਬੰਦੀ ਦੇ ਵਰਕਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ:- ਲਖੀਮਪੁਰ ਹਿੰਸਾ ਮਾਮਲਾ: ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ