ਲਹਿਰਾਗਾਗਾ: ਕੋਰੋਨਾ ਵਾਇਰਸ ਨੂੰ ਲੈ ਕੇ ਲਹਿਰਾਗਾਗਾ ਪੁਲਿਸ-ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਪੂਰੀ ਗੰਭੀਰਤਾ ਵਿਖਾਈ ਜਾ ਰਹੀ ਹੈ ਜਿਸ ਦੇ ਚੱਲਦੇ ਸ਼ਹਿਰ ਤੋਂ ਬਾਹਰੋਂ ਆਉਣ ਵਾਲੇ ਹਰ ਵਿਅਕਤੀ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਜਾ ਰਿਹਾ ਹੈ। ਇਸੇ ਲੜੀ 'ਚ ਚੰਡੀਗੜ੍ਹ ਤੋਂ ਆਏ ਇੱਕ ਨੌਜਵਾਨ ਨੂੰ ਘਰ ਦੇ ਅੰਦਰ ਹੀ ਕੁਆਰੰਟੀਨ ਕੀਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਘਰ ਅੱਗੇ ਇਕਾਂਤਵਾਸ ਦਾ ਪੋਸਟਰ ਲਾਉਣ ਦਾ ਵਿਰੋਧ ਕੀਤਾ ਪਰ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਤੇ ਪਹੁੰਚ ਕੇ ਘਰ ਦੇ ਗੇਟ ਤੇ ਇਕਾਂਤਵਾਸ ਦਾ ਪੋਸਟਰ ਲਗਾਇਆ ਅਤੇ ਪਰਿਵਾਰ ਨੂੰ ਵਿਸ਼ਵਾਸ ਦੁਆਇਆ ਕਿ ਨੌਜਵਾਨ ਦੇ ਸਭ ਪ੍ਰਕਾਰ ਦੇ ਟੈਸਟ ਕਰਵਾ ਕੇ ਪਰਿਵਾਰ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਾਕਟਰ ਸੂਰਜ ਵੱਲੋਂ ਪਰਿਵਾਰ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਦੇਸ਼ ਜਾ ਵਿਦੇਸ਼ ਵਿੱਚੋਂ ਆਉਣ ਵਾਲੇ ਹਰ ਵਿਅਕਤੀ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਜਾਵੇਗਾ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਿਹਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਆਉਣ-ਜਾਣ ਤੋਂ ਗੁਰੇਜ਼ ਕਰਨ ਅਤੇ ਕਿਸੇ ਵੀ ਵਿਅਕਤੀ ਨੂੰ ਘਰ ਵਿੱਚ ਆਉਣ ਦੀ ਇਜਾਜ਼ਤ ਨਾ ਦੇਣ। ਘਰ ਦੇ ਦਰਵਾਜ਼ਿਆਂ ਤੇ ਹੱਥ ਲਾਉਣ ਤੋਂ ਵੀ ਗੁਰੇਜ ਕਰਨ।