ਬਰਨਾਲਾ: ਜ਼ਿਲ੍ਹੇ ਦੇ ਪਿੰਡ ਕੈਰੇ ਵਿੱਚ ਇੱਕ ਕਰਜ਼ੇ ਤੋਂ ਦੁਖੀ ਕਿਸਾਨ ਵਲੋਂ ਖੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਬਲਵੀਰ ਸਿੰਘ (ਉਮਰ 49 ਸਾਲ) ਪੁੱਤਰ ਜੋਗਿੰਦਰ ਸਿੰਘ ਆਪਣੇ ਸਿਰ ਚੜ੍ਹੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚੱਲਦਿਆਂ ਉਸਨੇ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਹਸਪਤਾਲ ਵਿੱਚ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਤਕਰੀਬਨ ਦੋ ਸਾਲ ਪਹਿਲਾਂ ਮ੍ਰਿਤਕ ਬਲਵੀਰ ਸਿੰਘ ਦੇ ਪੁੱਤਰ ਅਮਰੀਕ ਸਿੰਘ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਵਿੱਚ ਹੁਣ ਪਿੱਛੇ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਨੂੰਹ ਅਤੇ ਪੋਤਰਾ-ਪੋਤਰੀ ਰਹਿ ਗਏ ਹਨ। ਇਸ ਵੇਲੇ ਘਰ ਵਿੱਚ ਨਾ ਤਾਂ ਕੋਈ ਕਮਾਉਣ ਵਾਲਾ ਰਿਹਾ ਹੈ ਅਤੇ ਨਾ ਹੀ ਕੋਈ ਕਮਾਈ ਦਾ ਸਾਧਨ ਰਿਹਾ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਭੱਟ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਨੂੰ ਆਰਥਿਕ ਮਦਦ ਵਜੋਂ ਮੁਆਵਜ਼ਾ ਦੇਣ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਇਸ ਸਬੰਧੀ ਪੁਲੀਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ਼ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਨੇ ਆਪਣੇ ਬਿਆਨ ਵਿੱਚ ਮ੍ਰਿਤਕ ਵਲੋਂ ਖੁਦਕੁਸ਼ੀ ਕਰਨ ਕਾਰਨ ਕਰਜ਼ਾ ਦੱਸਿਆ ਹੈ।
ਇਹ ਵੀ ਪੜ੍ਹੋ: ਬਾਬਾ ਬਕਾਲਾ ਤੋਂ AAP ਵਿਧਾਇਕ ਦਲਬੀਰ ਸਿੰਘ ਟੋਗ ਅਦਾਲਤ ਵਲੋਂ PO ਕਰਾਰ