ਬਰਨਾਲਾ: ਕਿਸਾਨ ਅੰਦੋਲਨ 'ਚ ਹਿੱਸਾ ਲੈਣ ਵਾਲੇ ਇੱਕ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ। ਪਿਛਲੇ ਲੰਬੇ ਸਮੇਂ ਤੋਂ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮਜ਼ਦੂਰ ਜੱਥੇਬੰਦੀਆਂ ਵੀ ਸ਼ਾਮਲ ਹਨ।
ਮ੍ਰਿਤਕ ਮਜ਼ਦੂਰ ਦੀ ਪਛਾਣ 50 ਸਾਲਾ ਜਗਸੀਰ ਸਿੰਘ ਵਜੋਂ ਹੋਈ ਹੈ। ਜਗਸੀਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਕਿਸਾਨ ਅੰਦੋਲਨ 'ਚ ਡੱਟਿਆ ਹੋਇਆ ਸੀ। ਜਗਸੀਰ ਸਿੰਘ ਬਰਨਾਲਾ ਦੇ ਪਿੰਡ ਪੱਥੋਕੇ ਦਾ ਵਸਨੀਕ ਸੀ ਤੇ ਉਹ ਮਜ਼ਦੂਰੀ ਕਰਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਪਿੰਡ ਪੱਥੋਕੇ ਤੋਂ ਮਜ਼ਦੂਰ ਜਗਸੀਰ ਸਿੰਘ ਪਿੰਡ ਦੇ ਕਾਫਲੇ ਨਾਲ 23 ਜਨਵਰੀ ਨੂੰ ਦਿੱਲੀ ਵਿਖੇ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਆਇਆ ਸੀ। ਬੀਤੀ ਰਾਤ ਉਸ ਦੀ ਮੌਤ ਹੋ ਗਈ। ਹਲਾਂਕਿ ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਜ਼ਦੂਰ ਦੀ ਦੇਹ ਨੂੰ ਦਿੱਲੀ ਦੇ ਹਸਪਤਾਲ 'ਚ ਰੱਖਵਾਇਆ ਗਿਆ ਹੈ। ਮ੍ਰਿਤਕ ਦਾ ਪਰਿਵਾਰ ਦਿੱਲੀ ਲਈ ਰਵਾਨਾ ਹੋ ਚੁੱਕਾ ਹੈ। ਮ੍ਰਿਤਕ ਆਪਣੇ ਪਿੱਛੇ ਤੇ ਤਿੰਨ ਛੋਟੇ ਬੱਚੇ ਛੱਡ ਗਿਆ ਹੈ।
ਕਿਸਾਨ ਆਗੂਆਂ ਨੇ ਸਰਕਾਰ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਨਾਂ ਬਚਾਇਆ ਜਾ ਸਕਣ।