ਬਰਨਾਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਸਿੱਖ ਸੰਗਤਾਂ ਸਰਕਾਰਾਂ ਤੋਂ ਇਨਸਾਫ ਦੀ ਮੰਗ ਕਰ ਰਹੀਆਂ ਹਨ, ਪਰ ਹੁਣ ਤੱਕ ਇਨਸਾਫ਼ ਨਹੀਂ ਮਿਲ ਰਿਹਾ। ਜਿਸ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਬਰਗਾੜੀ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਜਿਸ ਵਿੱਚ ਸਾਮਲ ਹੋਣ ਲਈ ਬਰਨਾਲਾ ਜਿਲ੍ਹੇ ਤੋਂ ਵੱਡਾ ਜੱਥਾ ਸੰਗਤਾਂ ਦਾ ਰਵਾਨਾ ਹੋਇਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸਿੱਖਾਂ ਲਈ ਸਭ ਤੋਂ ਵੱਡਾ ਹੈ। ਲਗਾਤਾਰ ਛੇ ਸਾਲਾਂ ਤੋਂ ਇਸ ਮਾਮਲੇ 'ਚ ਇਨਸਾਫ਼ ਲੈਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ। ਕਿਸੇ ਵੀ ਸਰਕਾਰ ਨੇ ਅਜੇ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਉਸ ਸਮੇਂ ਦੀ ਬਾਦਲ ਸਰਕਾਰ ਦੇ ਨੁਮਾਇੰਦੇ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਮੁਖੀ ਜਿੰਮੇਵਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿੱਚ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਇਨਸਾਫ਼ ਲੈਣ ਲਈ ਬਰਗਾੜੀ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਬੇਅਦਬੀ ਮਾਮਲਿਆਂ ਦਾ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੀਆਂ ਚੋਣਾਂ 'ਚ ਸਰਕਾਰ ਨੂੰ ਘੇਰਿਆ ਜਾਵੇਗਾ।