ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਚੱਲ ਰਹੇ ਕਿਸਾਨੀ ਮੋਰਚੇ ਤੋਂ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਤੋਂ ਬਾਅਦ ਮ੍ਰਿਤਕ ਕਿਸਾਨ ਦੇ ਪਰਿਵਾਰ ਅਤੇ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਸਮੇਤ ਤਿੰਨ ਮੰਗਾਂ ਰੱਖੀਆਂ ਗਈਆਂ ਸਨ। ਅੱਜ ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸ਼ਨ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ੇ ਦਾ ਚੈਕ ਸੌਂਪ ਦਿੱਤਾ ਹੈ। ਇਸ ਉਪਰੰਤ ਕਿਸਾਨ ਜਥੇਬੰਦੀ ਅਤੇ ਪਰਿਵਾਰ ਨੇ ਮ੍ਰਿਤਕ ਕਿਸਾਨ ਦਾ ਭਲਕੇ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਬੀਕੇਯੂ ਡਕੌਂਦਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਪਰਮਿੰਦਰ ਸਿੰਘ ਹੰਡਿਆਇਆ ਨੇ ਦੱਸਿਆ ਕਿ ਕਿਸਾਨ ਨਿਰਮਲ ਸਿੰਘ 25 ਦਿਨਾਂ ਬਾਅਦ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਸੀ। ਨਿਰਮਲ ਸਿੰਘ ਦਾ ਪਰਿਵਾਰ ਆਰਥਿਕ ਪੱਖੋਂ ਕਾਫ਼ੀ ਕਮਜ਼ੋਰ ਹੈ। ਪਰਿਵਾਰ ਦੇ ਮਾੜੇ ਹਾਲਾਤਾਂ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸੁਣਵਾਈ ਨਾ ਹੋਣ ਕਾਰਨ ਕਿਸਾਨ ਨਿਰਮਲ ਸਿੰਘ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਰਕੇ ਉਸ ਨੇ ਦਿੱਲੀ ਮੋਰਚੇ ਤੋਂ ਪਰਤਣ ਸਾਰ ਆਪਣੇ ਘਰ ਵਿੱਚ ਹੀ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਸਿਰ ਡੇਢ ਲੱਖ ਦੇ ਕਰੀਬ ਕਰਜ਼ਾ ਹੈ। ਪਰਿਵਾਰ ਕੋਲ ਜ਼ਮੀਨ ਨਹੀਂ ਹੈ, ਜਿਸ ਕਰਕੇ ਨਿਰਮਲ ਸਿੰਘ ਤੋਂ ਬਾਅਦ ਕਮਾਈ ਦਾ ਕੋਈ ਸਾਧਨ ਨਹੀਂ ਹੈ। ਇੱਕ ਲੜਕਾ ਵੀ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹੈ। ਜਿਸ ਲਈ ਜ਼ਿਲਾ ਪ੍ਰਸ਼ਾਸ਼ਨ ਤੋਂ 5 ਲੱਖ ਮੁਆਵਜ਼ੇ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਗਈ ਸੀ।
ਜ਼ਿਲ੍ਹਾ ਪ੍ਰਸ਼ਾਸਨ ਨੇ 5 ਲੱਖ ਮੁਆਵਜ਼ਾ ਰਾਸ਼ੀ ਦਾ ਚੈਕ ਕਿਸਾਨ ਜਥੇਬੰਦੀ ਦੀ ਹਾਜ਼ਰੀ ਵਿੱਚ ਪਰਿਵਾਰ ਨੂੰ ਸੌਂਪ ਦਿੱਤਾ ਹੈ। ਬਾਕੀ ਦੋ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁਆਵਜ਼ੇ ਦੀ ਮੰਗ ਪੂਰੀ ਹੋਣ ਤੋਂ ਬਾਅਦ ਮਿ੍ਰਤਕ ਕਿਸਾਨ ਨਿਰਮਲ ਸਿੰਘ ਦਾ ਬੁੱਧਵਾਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।