ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 500 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਉਨ੍ਹਾਂ ਦੇ ਬੱਚਿਆਂ ਅਤੇ ਪੋਤਿਆਂ ਨੂੰ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ । ਸੁਖਬੀਰ ਬਾਦਲ ਦੇ ਇਸ ਐਲਾਨ ‘ਤੇ ਕਿਸਾਨ ਆਗੂਆਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ।
ਇਸ ਸੰਬੰਧ ਵਿਚ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ 2022 ਚੋਣਾਂ ਨੂੰ ਦੇਖਦਿਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਜੁਮਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਜਾਂ ਕੈਪਟਨ ਜਾਂ ਕੋਈ ਹੋਰ ਪਾਰਟੀ ਹੋਵੇ ਉਨ੍ਹਾਂ ਵੱਲੋਂ ਇਹੋ ਜਿਹੇ ਵਾਅਦੇ ਅਨੇਕਾਂ ਵਾਰ ਕੀਤੇ ਜਾਂਦੇ ਹਨ ਅਤੇ ਅਨੇਕਾਂ ਵਾਰ ਅਜਿਹੇ ਵਾਅਦਿਆਂ ਤੋਂ ਇਹ ਲੀਡਰ ਮੁੱਕਰ ਜਾਂਦੇ ਹਨ, ਜਿਸ ਸਬੰਧੀ ਲੋਕ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਿਆਸੀ ਲੋਕਾਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਿਆਸੀ ਲੋਕਾਂ ਦੇ ਇਕੱਠਾਂ ਵਿੱਚ ਜਾਣ ਦੀ ਬਜਾਏ, ਆਪਣੇ ਹੱਕਾਂ ਦੀ ਲੜਾਈ ਲੜੀ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਐਲਾਨ ਅਨੁਸਾਰ ਭਾਜਪਾ ਆਗੂਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇ ਅਤੇ ਬਾਕੀਆਂ ਪਾਰਟੀਆਂ ਦੇ ਲੀਡਰਾਂ ਨੂੰ ਘੇਰ ਕੇ ਸਵਾਲ ਕੀਤੇ ਜਾਣ ਕਿ ਉਨ੍ਹਾਂ ਵੱਲੋਂ ਪਹਿਲਾਂ ਕੀਤੇ ਗਏ ਵਾਅਦੇ ਹੁਣ ਤੱਕ ਪੂਰੇ ਕਿਉਂ ਨਹੀਂ ਹੋਏ।