ਬਰਨਾਲਾ: ਪੰਜਾਬ ਦੀ ਸੱਤਾ 'ਤੇ ਕਾਬਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਉਹ ਦੀ ਕਾਰਗੁਜ਼ਾਰੀ ਸੋਂਹਦੀ ਲੰਘੇ ਦਿਨੀਂ ਬਰਨਾਲਾ ਦੇ ਰੈਸਟ ਹਾਊਸ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨਾ ਉੱਤੇ ਪ੍ਰੈੱਸ ਕਾਨਫਰੰਸ ਕਰਨ ਬੀਜੇਪੀ ਦੇ ਸੂਬਾ ਮੀਤ ਪ੍ਰਧਾਨ ਪਰਵੀਨ ਬਾਂਸਲ ਪਹੁੰਚੇ। ਜਿੱਥੇ ਉਨ੍ਹਾਂ ਦਾ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਘਿਰਾਓ ਕਰ ਲਿਆ। ਕਿਸਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਕਾਰਨ ਨਾਰਾਜ਼ ਹਨ, ਜਿਸ ਕਰਕੇ ਭਾਜਪਾ ਲੀਡਰਾਂ ਦੇ ਘਿਰਾਓ ਕੀਤੇ ਜਾ ਰਹੇ ਹਨ। ਪਰ ਕਿਸਾਨਾਂ ਵੱਲੋਂ ਘਿਰਾਓ ਹੋਣ ਦੇ ਬਾਵਜੂਦ ਭਾਜਪਾ ਆਗੂ ਵੱਲੋਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਗਈ।
ਭਾਜਪਾ ਆਗੂ ਪਰਵੀਨ ਬਾਂਸਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ 4 ਸਾਲ ਬੀਤਣ ਉੱਤੇ ਵੀ ਪੂਰਾ ਨਹੀਂ ਕੀਤਾ ਗਿਆ। ਸਰਕਾਰ ਹਰ ਪੱਖ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਦਾਇਕ ਹਨ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ, ਜਿਸ ਦੀ ਕੜੀ ਦਾ ਹਿੱਸਾ ਤਿੰਨੇ ਖੇਤੀ ਕਾਨੂੰਨ ਹਨ। ਭਾਜਪਾ ਆਗੂ ਨੇ ਕਿਹਾ ਕਿ ਕਿਸਾਨੀ ਦੀ ਆੜ ਵਿਚ ਪਾਰਟੀਆਂ ਨਾਲ ਸਬੰਧਤ ਕੁਝ ਆਗੂ ਭੋਲੇ ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਆਪਣੀ ਲੀਡਰੀ ਚਮਕਾ ਰਹੇ ਹਨ।
ਉਨ੍ਹਾਂ ਕਿਹਾ ਕਿ ਭੋਲੇ ਭਾਲੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਵੱਲੋਂ ਫਸਲਾਂ 'ਤੇ ਐੱਮਐੱਸਪੀ ਬਿਲਕੁਲ ਨਹੀਂ ਹਟਾਈ ਜਾ ਰਹੀ ਜਿਸ ਤਰ੍ਹਾਂ ਪਹਿਲਾਂ ਐੱਮਐੱਸਪੀ ਮਿਲ ਰਹੀ ਹੈ, ਉਸੇ ਤਰ੍ਹਾਂ ਕਿਸਾਨਾਂ ਨੂੰ ਐਮਐਸਪੀ ਮਿਲਦੀ ਰਹੇਗੀ।