ਬਰਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਪਿਛਲੇ ਕਈ ਮਹੀਨਿਆਂ ਤੋਂ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਵੱਲੋਂ ਰੋਸ ਪ੍ਰਦਰਸ਼ਨ ਅਤੇ ਧਰਨੇ ਲਾਏ ਜਾ ਰਹੇ ਹਨ। ਕਿਸਾਨਾਂ ਵੱਲੋਂ ਵੱਖ-ਵੱਖ ਤਰੀਕਿਆਂ ਰਾਹੀਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਖੇਤੀ ਕਾਨੂੰਨਾਂ ਦਾ ਵਿਰੋਧ ਦਾ ਅਸਰ ਹੁਣ ਪੰਜਾਬ ਦੇ ਨੌਜਵਾਨ ਕਿਸਾਨ ਆਪਣੇ ਵਿਆਹ ਸਮਾਗਮਾਂ ਵਿੱਚ ਦਿਖਾਉਣ ਲੱਗ ਪਏ ਹਨ। ਮੋਦੀ ਸਰਕਾਰ ਖ਼ਿਲਾਫ਼ ਜਾਗੋ ਕੱਢ ਕੇ ਪਿੰਡਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਗਾ ਰਹੇ ਹਨ। ਬਰਨਾਲਾ ਦੇ ਨੇੜਲੇ ਪਿੰਡ ਆਲੀਕੇ ਤੋਂ ਵਿਆਹ ਮੌਕੇ ਮਨਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ ਆਪਣੇ ਹੱਥ ਵਿੱਚ ਕਿਸਾਨੀ ਝੰਡਾ ਚੁੱਕੇ ਕੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਇਆ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਮੁੰਡੇ ਦੇ ਵਿਆਹ ਦੀ ਖੁਸ਼ੀ ਦੇ ਨਾਲ-ਨਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਦਾ ਜ਼ਿਆਦਾ ਦੁੱਖ ਵੀ ਹੈ। ਉਨ੍ਹਾਂ ਵਲੋਂ ਜਾਗੋ ਰਾਹੀਂ ਲੋਕਾਂ ਨੂੰ ਕਾਲੇ ਕਾਨੂੰਨਾਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਕਿਸਾਨੀਂ ਮੁੱਦਿਆਂ ਨੂੰ ਲੈ ਕੇ ਤਿੰਨ ਖੇਤੀ ਕਾਨੂੰਨਾਂ ਰੱਦ ਕਰਵਾਉਣ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਜਾਗੋ ਪਿੰਡ ਵਿੱਚ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਬੋਲੀਆਂ ਅਤੇ ਗਿੱਧਾ ਪਾ ਕੇ ਅਤੇ ਪੰਜਾਬੀ ਗੀਤ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।