ਬਰਨਾਲਾ: ਸੁਖਜਿੰਦਰ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਕਰਨ ਵਾਲੀ ਵਾਇਰਲ ਵੀਡੀਓ ਉੱਤੇ ਵਿਵਾਦ ਤੇ ਉਸ 'ਤੇ ਕਾਰਵਾਈ ਦੀ ਮੰਗ ਜਾਰੀ ਹੈ। ਅਕਾਲੀ ਆਗੂਆਂ ਨੇ ਰੰਧਾਵਾ ਵਿਰੁੱਧ ਧਾਰਮਿਕ ਭਾਵਨਾਵਾਂ ਆਹਤ ਹੋਣ ਦੀ 295-ਏ ਧਾਰਾ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ।
ਹਾਲ ਹੀ ਵਿੱਚ, ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਿਵਾਦਤ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਜਾ ਰਹੀ ਹੈ ਜਿਸ ਨਾਲ ਸਿੱਖ ਕੌਮ ਵਿੱਚ ਭਾਰੀ ਨਾਰਾਜ਼ਗੀ ਦਿਖਾਈ ਦੇ ਰਹੀ ਹੈ। ਇਸੇ ਦੇ ਰੋਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਐਸਜੀਪੀਸੀ ਮੈਂਬਰਾਂ ਨੇ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਤੇ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਭਦੌੜ ਤੋਂ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਸੁਖਜਿੰਦਰ ਰੰਧਾਵਾ ਦੀ ਵਾਇਰਲ ਵੀਡੀਓ ਦੀ ਨਿਖੇਧੀ ਕੀਤੀ।
ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਮੂਹ ਲੀਡਰਸ਼ਿਪ ਨੇ ਐਸਐਸਪੀ ਦਫ਼ਤਰ ਅੱਗੇ ਸੁਖਵਿੰਦਰ ਰੰਧਾਵਾ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਪ੍ਰਸ਼ਾਸਨ ਸੁਖਜਿੰਦਰ ਰੰਧਾਵਾ 'ਤੇ ਕਾਰਵਾਈ ਨਹੀਂ ਕਰਦਾ ਤਾਂ ਅਦਾਲਤ ਦਾ ਦਰਵਾਜਾ ਖੜਕਾਇਆ ਜਾਵੇਗਾ।
ਇਹ ਵੀ ਪੜ੍ਹੋ: ਐਨਪੀਏ ਵਿਚ ਕਮੀ ਇਕ ਕਾਸਮੈਟਿਕ ਅਭਿਆਸ ਹੈ: ਪੀ. ਚਿਦੰਬਰਮ